
ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਭੇਜੇ ਗਏ ਪੱਤਰ ਵਿਚ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਸੀਬੀਆਈ ਨੇ ਜਾਂਚ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਖ਼ਲ ਆਪਣੇ ਜਵਾਬ ਵਿਚ ਸਪੱਸ਼ਟ ਕੀਤਾ ਹੈ ਕਿ ਜੇਕਰ ਅਦਾਲਤ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦੀ ਹੈ ਤਾਂ ਉਹ ਜਾਂਚ ਕਰਨ ਲਈ ਤਿਆਰ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 8 ਸਤੰਬਰ ਨੂੰ ਹੋਵੇਗੀ।
ਈਡੀ ਵੱਲੋਂ ਡੀਜੀਪੀ ਨੂੰ ਭੇਜੇ ਗਏ ਪੱਤਰ ਨੂੰ ਲੈ ਕੇ ਦਾਖ਼ਲ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾ ਨਿਖਿਲ ਸਰਾਫ ਨੇ ਦੱਸਿਆ ਕਿ ਪਟੀਸ਼ਨ ਦਾਖ਼ਲ ਕਰਨ ਤੋਂ ਬਾਅਦ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਨੇ ਹਾਈ ਕੋਰਟ ਤੋਂ ਆਪਣੀ ਸੁਰੱਖਿਆ ਦੀ ਮੰਗ ਵੀ ਕੀਤੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਮੋਹਾਲੀ ਦੇ ਮਾਜਰੀ ਬਲਾਕ ਵਿਚ ਉਸ ਦਾ ਫਾਰਮ ਹਾਊਸ ਹੈ ਅਤੇ ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਦੇ ਸੈਰ-ਸਪਾਟਾ ਵਿਭਾਗ ਵੱਲੋਂ ਫਾਰਮ ਹਾਊਸ ਸਬੰਧੀ ਲਗਾਤਾਰ ਨੋਟਿਸ ਭੇਜੇ ਜਾ ਰਹੇ ਹਨ।ਉੱਧਰ, ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਵਿਚ ਉਸ ਦਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ। ਏਜੰਸੀ ਨੇ ਕਿਹਾ ਕਿ ਈਡੀ ਵੱਲੋਂ ਉਪਲਬਧ ਕਰਵਾਈ ਗਈ ਮਾਮਲੇ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰਨ ਵਿਚ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਹਾਲਾਂਕਿ ਸੀਬੀਆਈ ਨੇ ਸਪੱਸ਼ਟ ਕੀਤਾ ਕਿ ਜਾਂਚ ਉਸ ਨੂੰ ਉਦੋਂ ਹੀ ਸੌਂਪੀ ਜਾ ਸਕਦੀ ਹੈ, ਜਦੋਂ ਹਾਈ ਕੋਰਟ ਇਸ ਸਬੰਧ ਵਿਚ ਸਪੱਸ਼ਟ ਹੁਕਮ ਜਾਰੀ ਕਰੇ।
ਸੀਬੀਆਈ ਨੇ ਆਪਣੇ ਜਵਾਬ ਵਿਚ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਡਾਟਾ ਨੂੰ ਸੁਰੱਖਿਅਤ ਰੱਖਣ ’ਤੇ ਵੀ ਜ਼ੋਰ ਦਿੱਤਾ ਹੈ। ਏਜੰਸੀ ਅਨੁਸਾਰ ਜਾਂਚ ਦੌਰਾਨ ਉਪਲਬਧ ਸਬੂਤਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ, ਤਾਂ ਜੋ ਕਿਸੇ ਵੀ ਸਮੱਗਰੀ ਨਾਲ ਛੇੜਛਾੜ ਨਾ ਹੋ ਸਕੇ ਅਤੇ ਜਾਂਚ ਨਿਰਪੱਖ ਤੇ ਸੁਤੰਤਰ ਢੰਗ ਨਾਲ ਅੱਗੇ ਵਧ ਸਕੇ। ਹਾਈ ਕੋਰਟ ਦੇ ਹੁਕਮ ਮਿਲਣ ਮਗਰੋਂ ਸੀਬੀਆਈ ਜਾਂਚ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਅਪਣਾਏਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




