
2 ਐੱਸ.ਐੱਚ.ਓ. ਸਣੇ 4 ਹੋਰ ਵਿਅਕਤੀਆਂ ਵਿਰੁੱਧ ਵੱਡਾ ਐਕਸ਼ਨ ਲਿਆ ਗਿਆ। ਹਾਲਾਂਕਿ ਇਸ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਉੱਪਰ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਤਰਨ ਤਾਰਨ ਪੁਲਿਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵੱਡੀ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਸਮੇਤ ਕੁੱਲ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਕੱਚਾ ਪੱਕਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਕਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਬਲਜਿੰਦਰ ਸਿੰਘ ਸਮੇਤ ਤਿੰਨ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।
ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ਮੁਤਾਬਕ ਦੋਵਾਂ ਐੱਸ.ਐੱਚ.ਓ. ਉੱਤੇ ਐਨ.ਡੀ.ਪੀ.ਐੱਸ. ਮਾਮਲਿਆਂ ਦੀ ਜਾਂਚ ਦੌਰਾਨ ਮੁਲਜ਼ਮਾਂ ਨੂੰ ਨਾਜਾਇਜ਼ ਲਾਭ ਪਹੁੰਚਾਉਣ ਦੇ ਬਦਲੇ ਵਿਚੋਲਿਆਂ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਜਾਣਕਾਰੀ ਅਨੁਸਾਰ, ਦੋਵਾਂ ਪੁਲਿਸ ਅਧਿਕਾਰੀਆਂ ਵੱਲੋਂ ਕਥਿਤ ਤੌਰ ’ਤੇ ਕੁੱਲ 7 ਲੱਖ ਰੁਪਏ ਦੀ ਰਿਸ਼ਵਤ ਲਈ ਗਈ। ਇਸ ਵਿੱਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ ’ਤੇ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਲੈਣ ਦਾ ਇਲਜ਼ਾਮ ਹੈ। ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ’ਤੇ ਪੂਰਨ ਸਿੰਘ ਰਾਹੀਂ 4 ਲੱਖ ਰੁਪਏ ਲੈਣ ਦਾ ਦੋਸ਼ ਲਗਾਇਆ ਗਿਆ ਹੈ।
ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਸਬ-ਇੰਸਪੈਕਟਰ ਕਿਰਪਾਲ ਸਿੰਘ ਖ਼ਿਲਾਫ਼ ਥਾਣਾ ਕੱਚਾ ਪੱਕਾ ਵਿਖੇ ਹੀ ਮੁਕੱਦਮਾ ਦਰਜ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਕਿਰਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਥਾਣਾ ਕੱਚਾ ਪੱਕਾ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਕਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ਵਿੱਚ ਰੋਬਿਨ ਸਿੰਘ ਅਤੇ ਪੂਰਨ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਦੋਵਾਂ ਉੱਤੇ ਕਥਿਤ ਤੌਰ ’ਤੇ ਪੁਲਿਸ ਅਧਿਕਾਰੀਆਂ ਅਤੇ ਸਬੰਧਤ ਧਿਰਾਂ ਵਿਚਕਾਰ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਅਤੇ ਰਿਸ਼ਵਤ ਦੀ ਰਕਮ ਪਹੁੰਚਾਉਣ ਦੇ ਇਲਜ਼ਾਮ ਹਨ। ਦੂਜੇ ਪਾਸੇ ਥਾਣਾ ਵਲਟੋਹਾ ਵਿਖੇ ਵੀ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਬੀ.ਐੱਨ.ਐੱਸ. ਦੀ ਧਾਰਾ 255 ਤਹਿਤ ਕਾਰਵਾਈ ਕੀਤੀ ਗਈ ਹੈ।
ਪੁਲਿਸ ਕਾਰਵਾਈ ਨਾਲ ਜੁੜੇ ਐਨ.ਡੀ.ਪੀ.ਐੱਸ. ਮਾਮਲਿਆਂ ਵਿੱਚ ਅਫ਼ੀਮ ਦੀ ਬਰਾਮਦਗੀ ਦਾ ਵੀ ਜ਼ਿਕਰ ਹੈ। ਇਨ੍ਹਾਂ ਮਾਮਲਿਆਂ ਵਿੱਚ 14 ਕਿਲੋ 110 ਗ੍ਰਾਮ ਅਤੇ 2 ਕਿਲੋ ਅਫ਼ੀਮ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਸ਼ ਹੈ ਕਿ ਇਨ੍ਹਾਂ ਮਾਮਲਿਆਂ ਦੀ ਤਫ਼ਤੀਸ਼ ਦੌਰਾਨ ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਨਾਜਾਇਜ਼ ਲਾਭ ਦੇਣ ਲਈ ਰਿਸ਼ਵਤ ਦੀ ਮੰਗ ਅਤੇ ਲੈਣ-ਦੇਣ ਕੀਤਾ ਗਿਆ।
ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਬਲਜਿੰਦਰ ਸਿੰਘ ਸਮੇਤ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਨਹੀਂ ਹੋਈ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




