
ਥਾਈਲੈਂਡ ਵਿਚ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸੰਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸੰਬੰਧਿਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਥਾਈਲੈਂਡ ਸਥਿਤ ਭਾਰਤੀ ਦੂਤਾਵਾਸ ਰਾਹੀਂ ਮਾਮਲੇ ਦੀ ਜਾਣਕਾਰੀ ਲੈ ਕੇ ਪੀੜਤ ਨੂੰ ਲੋੜੀਂਦੀ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸੇ ਦੌਰਾਨ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਗਏ ਸਿੱਖ ਬੱਚਿਆਂ ਨੂੰ ਕੜਾ ਪਾਇਆ ਹੋਣ ਕਾਰਨ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ਦੀ ਵੀ ਐਡਵੋਕੇਟ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕੜਾ ਸਿੱਖ ਕਕਾਰਾਂ ਦਾ ਅਹਿਮ ਹਿੱਸਾ ਅਤੇ ਸਿੱਖ ਦੀ ਧਾਰਮਿਕ ਪਛਾਣ ਦਾ ਅਟੁੱਟ ਅੰਗ ਹੈ। ਕਿਸੇ ਸਿੱਖ ਬੱਚੇ ਨੂੰ ਸਿਰਫ਼ ਕੜਾ ਪਾਉਣ ਕਰਕੇ ਕਿਸੇ ਜਨਤਕ ਸਥਾਨ ਜਾਂ ਖੇਡ ਮੈਦਾਨ ਵਿਚ ਦਾਖ਼ਲ ਹੋਣ ਤੋਂ ਰੋਕਣਾ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਮ ’ਤੇ ਕਿਸੇ ਵੀ ਵਿਅਕਤੀ ਨਾਲ ਅਜਿਹਾ ਵਤੀਰਾ ਨਹੀਂ ਹੋਣਾ ਚਾਹੀਦਾ, ਜਿਸ ਨਾਲ ਕਿਸੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਧਾਰਮਿਕ ਪਛਾਣ ਕਾਇਮ ਰੱਖਣ ਦੀ ਆਜ਼ਾਦੀ ਦਿੰਦਾ ਹੈ ਅਤੇ ਦੇਸ਼ ਦੀ ਰਾਜਧਾਨੀ ਵਿਚ ਵਿਚ ਅਜਿਹਾ ਹੋਣਾ ਹੋਰ ਵੀ ਚਿੰਤਾ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਸੰਬੰਧਿਤ ਅਧਿਕਾਰੀਆਂ ਤੋਂ ਸਿੱਖ ਬੱਚਿਆਂ ਨਾਲ ਹੋਏ ਇਸ ਵਤੀਰੇ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਦੋਸ਼ੀ ਮੁਲਾਜ਼ਮ ਖ਼ਿਲਾਫ਼ ਕਾਰਵਾਈ ਲਈ ਵੀ ਆਖਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




