
ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਸਰਕਾਰ ਦੀ ਦੂਰਦਰਸ਼ੀ ਪਹੁੰਚ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਦਾ ਜ਼ਿਕਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਸਮਾਜ ਸਿਰਜਣ ਲਈ ਯਤਨਸ਼ੀਲ ਹੈ, ਜਿੱਥੇ ਹਰ ਵਰਗ ਦੇ ਲੋਕਾਂ ਨੂੰ ਸੁਰੱਖਿਆ, ਸਨਮਾਨ ਅਤੇ ਬਰਾਬਰ ਮੌਕੇ ਮਿਲਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




