PunjabTop News

ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ‘ਸੁਪਰੀਮ ਕੋਰਟ’ ‘ਚ ਚੁਣੌਤੀ

ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦੇ ਦਿੱਤੀ ਗਈ ਹੈ, ਜਿਨ੍ਹਾਂ ਹੁਕਮਾਂ ਤਹਿਤ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ‘ਚ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ‘ਚ ਰਿਸ਼ਵਤ ਆਦਿ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਬਿਨਾਂ ਦੇਰੀ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ‘ਆਪ’ ਸਰਕਾਰ ਨੇ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਹਾਈ ਕੋਰਟ ਨੇ ਬੀਤੇ ਦਿਨੀਂ ਸੀ.ਬੀ.ਆਈ. ਨੂੰ ਐੱਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰਨ ਲਈ ਕਿਹਾ ਅਤੇ ਅਦਾਲਤ ਨੇ ਸੀ.ਬੀ.ਆਈ. ਨੂੰ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਅਦਾਲਤ ਨੂੰ ਸੌਂਪਣ ਲਈ ਕਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਅਮਰਿੰਦਰ ਸਰਕਾਰ ਨੇ ਨਵੰਬਰ 2020 ‘ਚ ਸੀ.ਬੀ.ਆਈ. ਨੂੰ ਪੰਜਾਬ ‘ਚ ਜਾਂਚ ਕਰਨ ਲਈ ਦਿੱਤੀ ‘ਆਮ ਸਹਿਮਤੀ’ ਵਾਪਸ ਲੈ ਲਈ ਸੀ, ਜਿਸ ਕਰਕੇ ਸੀ.ਬੀ.ਆਈ. ਕੋਲ ਇਸ ਮਾਮਲੇ ‘ਚ ਜਾਂਚ ਕਰਨ ਦਾ ਅਧਿਕਾਰ ਖੇਤਰ ਨਹੀਂ ਹੈ।
ਚੇਤੇ ਰਹੇ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਸ ਮਾਮਲੇ ‘ਤੇ ਸਾਰੀਆਂ ਧਿਰਾਂ ਦੇ ਵਿਸਥਾਰਤ ਪੱਖ ਤੇ ਦਲੀਲਾਂ ਸੁਣਨ ਮਗਰੋਂ 14 ਸਤੰਬਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਸੋਮਵਾਰ ਨੂੰ ਫ਼ੈਸਲਾ ਸੁਣਾਇਆ ਸੀ। ਬੈਂਚ ਨੇ ਫ਼ੈਸਲੇ ‘ਚ ਕਿਹਾ ਕਿ ਇਸ ਮਾਮਲੇ ‘ਚ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਹੁਦੇਦਾਰਾਂ ਦਾ ਜ਼ਿਕਰ ਹੋਣ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਪੰਜਾਬ ਪੁਲਿਸ ਨਹੀਂ ਕਰ ਸਕਦੀ। ਨਿਰਪੱਖਤਾ ਲਈ ਮਾਮਲਾ ਸੀ.ਬੀ.ਆਈ. ਹਵਾਲੇ ਕੀਤਾ ਜਾਂਦਾ ਹੈ।
ਹਾਈ ਕੋਰਟ ਨੇ ਈ.ਡੀ. ਵੱਲੋਂ ਪੀ.ਐੱਮ.ਐੱਲ.ਏ. ਦੀ ਧਾਰਾ 66(2) ਤਹਿਤ ਸਾਂਝੀ ਕੀਤੀ ਜਾਣਕਾਰੀ ਦੇ ਅਧਾਰ ‘ਤੇ ਸੀ.ਬੀ.ਆਈ. ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਦਿੱਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button