
ਮੋਗਾ ਵਿੱਚ 15 ਸਾਲ ਪਹਿਲਾਂ ਇੱਕ ਬੱਸ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਨੌਂ ਪੈਰੋਕਾਰਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਬਰੀ ਹੋਣ ਵਾਲਿਆਂ ਵਿੱਚ ਸੁਖਜਿੰਦਰ ਸਿੰਘ ਉਰਫ਼ ਸਨੀ, ਸ਼ਕਤੀ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ, ਰਣਦੀਪ ਸਿੰਘ ਉਰਫ਼ ਨੀਲਾ, ਨਰਿੰਦਰ ਕੁਮਾਰ ਸ਼ਰਮਾ, ਸੰਦੀਪ ਸਿੰਘ ਅਤੇ ਪ੍ਰਿਥਵੀ ਸਿੰਘ ਸ਼ਾਮਲ ਹਨ।
ਇਸ ਮਾਮਲੇ ਦੇ ਦੋ ਹੋਰ ਮੁਲਜ਼ਮਾਂ ਮਹਿੰਦਰ ਪਾਲ ਉਰਫ਼ ਬਿੱਟੂ ਅਤੇ ਪ੍ਰਦੀਪ ਕੁਮਾਰ ਦੀ ਮੌਤ ਹੋ ਚੁੱਕੀ ਹੈ। ਬਿੱਟੂ ਦੀ ਜੇਲ੍ਹ ਵਿੱਚ ਮੌਤ ਹੋ ਗਈ ਸੀ, ਜਦਕਿ ਪ੍ਰਦੀਪ ਦੀ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਗਈ ਸੀ।
ਸਾਲ 2011 ਵਿੱਚ ਮੋਗਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੈਪਸੂ ਦੀ ਬੱਸ ਨੂੰ ਅੱਗ ਲਗਾਉਣ ਅਤੇ ਗੋਲ਼ੀਬਾਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਦੋਸ਼ ਸੀ ਕਿ ਡੇਰਾ ਸੱਚਾ ਸੌਦਾ ਦੇ 200 ਤੋਂ 300 ਪੈਰੋਕਾਰ ਮੋਗਾ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਸ਼ੁਰੂ ਵਿੱਚ ਪੁਲਿਸ ਨੇ ਇਸ ਮਾਮਲੇ ਦੀ ਐੱਫਆਈਆਰ ਵਿੱਚ ਕਿਸੇ ਦਾ ਨਾਂ ਸ਼ਾਮਲ ਨਹੀਂ ਕੀਤਾ ਸੀ। ਇੱਥੋਂ ਤੱਕ ਕਿ ਪੁਲਿਸ ਨੇ ਅਦਾਲਤ ਵਿੱਚ ਅਣਟਰੇਸ ਰਿਪੋਰਟ ਵੀ ਪੇਸ਼ ਕਰ ਦਿੱਤੀ ਸੀ ਪਰ ਜੂਨ 2018 ਵਿੱਚ ਪੁਲਿਸ ਨੇ ਇਸ ਮਾਮਲੇ ਵਿੱਚ 11 ਵਿਅਕਤੀਆਂ ਨੂੰ ਮੁਲਜ਼ਮ ਬਣਾ ਦਿੱਤਾ ਸੀ।
ਮੁਲਜ਼ਮਾਂ ਵੱਲੋਂ ਕੇਸ ਲੜਨ ਵਾਲੇ ਐਡਵੋਕੇਟ ਅਮਰ ਡੀ. ਕਾਮਰਾ ਨੇ ਅਦਾਲਤ ਵਿੱਚ ਬਹਿਸ ਦੌਰਾਨ ਕਿਹਾ ਕਿ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਮੋਗਾ ਬੱਸ ਅੱਗਜ਼ਨੀ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਸੀ। ਐਡਵੋਕੇਟ ਕਾਮਰਾ ਨੇ ਕਿਹਾ ਕਿ ਸਾਲ 2015 ਵਿੱਚ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਪੁਲਿਸ ਨੇ ਉਨ੍ਹਾਂ ਮਾਮਲਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਵਿੱਚ ਇਸ ਕੇਸ ਦੀ ਵਰਤੋਂ ਕੀਤੀ।ਉਨ੍ਹਾਂ ਕਿਹਾ ਕਿ ਪੁਲਿਸ ਨੇ ਸਾਲ 2018 ਵਿੱਚ ਬੇਅਦਬੀ ਦੇ ਮਾਮਲੇ ਵਿੱਚ ਮਹਿੰਦਰ ਪਾਲ ਉਰਫ਼ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਸ ਨੂੰ ਤਸ਼ੱਦਦ ਦੇ ਕੇ ਇਕਬਾਲੀਆ ਬਿਆਨ ਲਿਆ ਅਤੇ ਇਨ੍ਹਾਂ ਵਿਅਕਤੀਆਂ ਨੂੰ ਵੀ ਮੁਲਜ਼ਮ ਬਣਾ ਦਿੱਤਾ, ਜਦਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



