ਹਰਮੁਜ਼ ਜਲਡਮਰੂ-ਮੱਧ ’ਚ ਵਪਾਰਕ ਜਹਾਜ਼ਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਈਰਾਨ ਦੀ: ਮਾਰਕੋ ਰੂਬੀਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਹੋਰਮੁਜ਼ ਜਲਡਮਰੂਮੱਧ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਰੋਕਣ ਦੀ ਜ਼ਿੰਮੇਵਾਰੀ ਈਰਾਨ ਦੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਤਹਿਰਾਨ ਨਾਗਰਿਕ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕਰ ਰਿਹਾ ਹੈ ਅਤੇ ਉਨ੍ਹਾਂ ਮਲਾਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਨ੍ਹਾਂ ਦਾ ਜੰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਰੂਬੀਓ ਨੇ ਕਿਹਾ ਕਿ ਅਮਰੀਕਾ ਇਸ ਮਹੱਤਵਪੂਰਨ ਸਮੁੰਦਰੀ ਮਾਰਗ ’ਤੇ ਜਹਾਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਈਰਾਨ ’ਤੇ ‘ਅਸਾਧਾਰਨ ਆਰਥਿਕ ਦਬਾਅ’ ਵੀ ਲਗਾਤਾਰ ਬਣਾਈ ਰੱਖਿਆ ਜਾਵੇਗਾ। ਰੂਬੀਓ ਨੇ ਦੋਸ਼ ਲਾਇਆ ਕਿ ਈਰਾਨ ਆਪਣੇ ਸਰੋਤਾਂ ਦੀ ਵਰਤੋਂ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਅਤੇ ਮਿਜ਼ਾਈਲਾਂ ਤੇ ਡਰੋਨ ਬਣਾਉਣ ਲਈ ਕਰਦਾ ਹੈ।
ਰੂਬੀਓ ਨੇ ਕਿਹਾ, “ਇਸ ਲਈ ਇਹ ਮਾਮਲਾ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਪਰ ਮੇਰਾ ਮੰਨਣਾ ਹੈ ਕਿ ਇਨ੍ਹਾਂ ਹਮਲਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਈਰਾਨ ਦੀ ਹੈ। ਇਸ ਦੇ ਨਾਲ ਹੀ ਅਸੀਂ ਉਸ ’ਤੇ ਅਸਾਧਾਰਨ ਆਰਥਿਕ ਦਬਾਅ ਬਣਾਈ ਰੱਖਾਂਗੇ। ਕਿਉਂਕਿ ਅਸੀਂ ਜਾਣਦੇ ਹਾਂ ਕਿ ਉਨ੍ਹਾਂ ਨੂੰ ਮਿਲਣ ਵਾਲੇ ਹਰ ਡਾਲਰ ਅਤੇ ਹਰ ਸਰੋਤ ਦੀ ਵਰਤੋਂ ਉਹ ਆਪਣੇ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਜਾਂ ਦੇਸ਼ ਦੇ ਵਿਕਾਸ ਲਈ ਨਹੀਂ ਕਰਦੇ। ਉਹ ਇਨ੍ਹਾਂ ਸਰੋਤਾਂ ਦੀ ਵਰਤੋਂ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਅਤੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਲਈ ਮਿਜ਼ਾਈਲਾਂ ਤੇ ਡਰੋਨ ਬਣਾਉਣ ਵਾਸਤੇ ਕਰਦੇ ਹਨ।”
ਅਮਰੀਕੀ ਵਿਦੇਸ਼ ਮੰਤਰੀ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਦੀਆਂ ਪਣਡੁੱਬੀਆਂ ਵੱਲੋਂ ਵਰਤੀਆਂ ਜਾਂਦੀਆਂ ਰਣਨੀਤੀਆਂ ਨਾਲ ਈਰਾਨ ਦੀਆਂ ਮੌਜੂਦਾ ਕਾਰਵਾਈਆਂ ਦੀ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਵਪਾਰਕ ਜਹਾਜ਼ਾਂ ’ਤੇ ਕੀਤੇ ਜਾ ਰਹੇ ਹਮਲਿਆਂ ਦੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਨਿੰਦਾ ਕਰਨੀ ਚਾਹੀਦੀ ਹੈ।
ਰੂਬੀਓ ਨੇ ਕਿਹਾ, “ਬਦਕਿਸਮਤੀ ਨਾਲ, ਈਰਾਨ ਅਜਿਹੀਆਂ ਕਾਰਵਾਈਆਂ ਕਰ ਰਿਹਾ ਹੈ, ਜਿਨ੍ਹਾਂ ਬਾਰੇ ਲੋਕਾਂ ਨੂੰ ਅਸਲ ਵਿੱਚ ਚਰਚਾ ਕਰਨੀ ਚਾਹੀਦੀ ਹੈ। ਇੱਕ ਦੇਸ਼ ਨੇ ਖੁੱਲ੍ਹੇਆਮ ਐਲਾਨ ਕੀਤਾ ਹੈ ਕਿ ਉਹ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕਰ ਰਿਹਾ ਹੈ, ਜੰਗ ਨਾਲ ਕੋਈ ਸਬੰਧ ਨਾ ਰੱਖਣ ਵਾਲੇ ਮਲਾਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਵਪਾਰਕ ਜਹਾਜ਼ਾਂ ਨੂੰ ਡੁਬੋਣਾ ਚਾਹੁੰਦਾ ਹੈ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਅਜਿਹੀਆਂ ਘਟਨਾਵਾਂ ਨਹੀਂ ਦੇਖੀਆਂ ਗਈਆਂ ਸਨ। ਉਹ ਨਾਜ਼ੀ ਜਰਮਨੀ ਦੀਆਂ ਯੂ-ਬੋਟਾਂ ਵਾਲੀਆਂ ਰਣਨੀਤੀਆਂ ਦੀ ਵਰਤੋਂ ਕਰ ਰਹੇ ਹਨ। ਦੁਨੀਆ ਨੂੰ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਅਜਿਹੀਆਂ ਕਾਰਵਾਈਆਂ ਦੀ ਨਿੰਦਾ ਕਰਨੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




