PunjabTop News

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ : ਡਾ. ਬਲਜੀਤ ਕੌਰ

ਚੰਡੀਗੜ੍ਹ, 23 ਅਕਤੂਬਰ: ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ ਦੇ ਨੇੜੇ ਪਹੁੰਚ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਬਾਕੀ ਕੇਂਦਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ICDS) ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ ‘ਤੇ ਬੱਚਿਆਂ ਅਤੇ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਢਾਂਚਾ ਤਿਆਰ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਕੰਮਲ ਹੋ ਚੁੱਕੇ ਇਹ ਆਧੁਨਿਕ ਆਂਗਣਵਾੜੀ ਕੇਂਦਰ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਪੂਰਕ ਪੋਸ਼ਣ, ਸਿਹਤ ਜਾਂਚ, ਵਿਕਾਸ ਨਿਗਰਾਨੀ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸੁਵਿਧਾਜਨਕ ਸਥਾਨ ਵਜੋਂ ਕੰਮ ਕਰਨਗੇ। ਇਨ੍ਹਾਂ ਕੇਂਦਰਾਂ ਰਾਹੀਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੰਨੇ ਬੱਚਿਆਂ ਨੂੰ ਵੀ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸਿਰਫ਼ ਇਮਾਰਤਾਂ ਦਾ ਨਿਰਮਾਣ ਨਹੀਂ, ਸਗੋਂ ਸੂਬੇ ਦੇ ਨੰਨੇ-ਮੁੰਨੇ ਬੱਚਿਆਂ ਦੇ ਸੁਰੱਖਿਅਤ, ਤੰਦਰੁਸਤ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਆਪਣੇ ਪਿੰਡ ਵਿੱਚ ਹੀ ਉੱਚ ਪੱਧਰੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ ਅਤੇ ਦੇਖਭਾਲ ਦੀਆਂ ਬਿਹਤਰ ਸਹੂਲਤਾਂ ਮਿਲਣ, ਤਾਂ ਜੋ ਉਹ ਜੀਵਨ ਦੀ ਸ਼ੁਰੂਆਤ ਤੋਂ ਹੀ ਵਿਕਾਸ ਦੇ ਬਰਾਬਰ ਮੌਕਿਆਂ ਨਾਲ ਅੱਗੇ ਵਧ ਸਕੇ।
ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਮੂਹ ਭਾਈਚਾਰਾ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਸੰਭਾਲ ਅਤੇ ਪ੍ਰਭਾਵਸ਼ਾਲੀ ਵਰਤੋਂ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਇਹ ਕੇਂਦਰ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਦੇ ਮਜ਼ਬੂਤ ਕੇਂਦਰ ਵਜੋਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਬੱਚਿਆਂ ਦੇ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਕਦਮ ਇੱਕ ਸਿਹਤਮੰਦ, ਸਿੱਖਿਅਤ ਅਤੇ ਸਸ਼ਕਤ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਇੱਕ ਹੋਰ ਮਜ਼ਬੂਤ ਪੜਾਅ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button