PunjabTop News

ਗੁਰੂ ਘਰ ‘ਤੇ ਗੋਲੀਬਾਰੀ , ਮੁੱਖ ਸੇਵਾਦਾਰ ਨੇ ਹੀ ਰਚੀ ਸੀ ਸ਼ਾਜਿਸ਼

ਪਿੰਡ ਗਗੜਾ ਸਥਿਤ ਗੁਰਦੁਆਰਾ ਗੋਪਾਲਸਰ ਸਾਹਿਬ ਦੇ ਬਾਹਰ ਹੋਈ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸੰਦੀਪ ਸਿੰਘ ਉਰਫ਼ ਸੋਨੀ ਵਾਸੀ ਪਿੰਡ ਕੜਿਆਲ, ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਵਲੋਂ ਕਥਿਤ ਤੌਰ ’ਤੇ ਪੁਲਿਸ ਸੁਰੱਖਿਆ ਹਾਸਲ ਕਰਨ ਲਈ ਇਹ ਸਾਰੀ ਸਾਜ਼ਿਸ਼ ਰਚੀ ਗਈ ਸੀ ਅਤੇ ਗੋਲੀਬਾਰੀ ਵੀ ਉਨ੍ਹਾਂ ਦੇ ਕਹਿਣ ’ਤੇ ਕਰਵਾਈ ਗਈ ਸੀ।ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 26 ਅਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਮੂੰਹ ਢਕ ਕੇ ਆਏ ਇਕ ਵਿਅਕਤੀ ਨੇ ਗੁਰਦੁਆਰਾ ਗੋਪਾਲਸਰ ਸਾਹਿਬ ਦੇ ਬਾਹਰ ਦੋ ਗੋਲੀਆਂ ਚਲਾਈਆਂ ਸਨ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਇਕ ਧਮਕੀ ਭਰਿਆ ਪੱਤਰ ਵੀ ਸੁੱਟਿਆ ਗਿਆ ਸੀ, ਜਿਸ ਵਿਚ ਮੁੱਖ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਧਮਕੀ ਦਿੱਤੀ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਜਗਰਾਉਂ ਵਿਚ ਮੁਕੱਦਮਾ ਨੰਬਰ 265 ਮਿਤੀ 27 ਅਕਤੂਬਰ 2026 ਨੂੰ ਧਾਰਾ 109 ਅਤੇ 351(2) ਬੀ.ਐੱਨ.ਐੱਸ. ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ.ਪੀ. (ਡੀ) ਰਾਜਨ ਸ਼ਰਮਾ ਦੀ ਨਿਗਰਾਨੀ ਹੇਠ ਡੀ.ਐੱਸ.ਪੀ. ਜਗਰਾਉਂ ਜਸਵਿੰਦਰ ਸਿੰਘ ਢੀਂਡਸਾ ਅਤੇ ਡੀ.ਐੱਸ.ਪੀ. (ਡੀ) ਸਾਗਰ ਬਨਾਲ ਦੀ ਅਗਵਾਈ ਵਿਚ ਸੀ.ਆਈ.ਏ. ਸਟਾਫ਼ ਜਗਰਾਉਂ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਅਤੇ ਥਾਣਾ ਸਦਰ ਦੇ ਮੁੱਖ ਅਫ਼ਸਰ ਐੱਸ.ਆਈ. ਸੁਖਵਿੰਦਰ ਸਿੰਘ ਦੀਆਂ ਟੀਮਾਂ ਬਣਾਈਆਂ ਗਈਆਂ। ਪੁਲਿਸ ਨੇ ਤਕਨੀਕੀ ਸਬੂਤਾਂ, ਮਨੁੱਖੀ ਸੂਹ ਅਤੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਦਿਆਂ ਸ਼ੱਕੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਬਾਬਾ ਅਮਰਜੀਤ ਸਿੰਘ ਦਾ ਸ਼ਰਧਾਲੂ ਸੀ ਅਤੇ ਗੁਰਦੁਆਰਾ ਗੋਪਾਲਸਰ ਸਾਹਿਬ ਵਿਖੇ ਹੀ ਰਹਿੰਦਾ ਸੀ। ਕਰੀਬ ਇਕ ਸਾਲ ਪਹਿਲਾਂ ਉਹ ਆਪਣੇ ਪਿੰਡ ਵਾਪਸ ਚਲਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਬਾਬਾ ਅਮਰਜੀਤ ਸਿੰਘ ਦੇ ਕਹਿਣ ’ਤੇ ਪਹਿਲਾਂ ਤੋਂ ਬਣਾਈ ਗਈ ਯੋਜਨਾ ਤਹਿਤ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕਥਿਤ ਸਾਜ਼ਿਸ਼ ਦਾ ਮਕਸਦ ਬਾਬਾ ਅਮਰਜੀਤ ਸਿੰਘ ਲਈ ਪੁਲਿਸ ਸੁਰੱਖਿਆ ਹਾਸਲ ਕਰਨਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਵਾਰਦਾਤ ਵਾਲੀ ਰਾਤ ਸੰਦੀਪ ਸਿੰਘ ਆਪਣੇ ਡਿਸਕਵਰ ਮੋਟਰਸਾਈਕਲ ’ਤੇ ਇਕੱਲਾ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉਸ ਨੇ ਆਪਣੀ ਪਛਾਣ ਲੁਕਾਉਣ ਲਈ ਸਿਰ ’ਤੇ ਪਰਨਾ ਬੰਨ੍ਹਿਆ ਹੋਇਆ ਸੀ ਅਤੇ ਮੂੰਹ ਕੱਪੜੇ ਨਾਲ ਢਕਿਆ ਹੋਇਆ ਸੀ।ਇਸ ਤੋਂ ਇਲਾਵਾ ਸਰੀਰਕ ਦਿੱਖ ਛੁਪਾਉਣ ਲਈ ਕੱਪੜੇ ਦੀ ਬੁੱਕਲ ਵੀ ਮਾਰੀ ਹੋਈ ਸੀ। ਗੁਰਦੁਆਰਾ ਸਾਹਿਬ ਦੇ ਬਾਹਰ ਦੋ ਫਾਇਰ ਕਰਨ ਤੋਂ ਬਾਅਦ ਉਹ ਵਾਪਸ ਆਪਣੇ ਪਿੰਡ ਚਲਾ ਗਿਆ। ਪੁਲਿਸ ਅਨੁਸਾਰ ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਕਰੀਬ ਛੇ ਮਹੀਨੇ ਪਹਿਲਾਂ ਇਲਾਹਾਬਾਦ ਅਤੇ ਮਿਰਜ਼ਾਪੁਰ ਨੇੜਲੇ ਇਲਾਕੇ ਤੋਂ 32 ਬੋਰ ਦਾ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਖਰੀਦੇ ਸਨ। ਉਸ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿਚ ਵਰਤਿਆ ਗਿਆ ਦੇਸੀ ਪਿਸਤੌਲ, ਮੈਗਜ਼ੀਨ ਸਮੇਤ, ਡਿਸਕਵਰ ਮੋਟਰਸਾਈਕਲ ਅਤੇ ਵਾਰਦਾਤ ਸਮੇਂ ਪਹਿਨੇ ਹੋਏ ਕੱਪੜੇ ਬਰਾਮਦ ਕਰ ਲਏ ਗਏ ਹਨ।ਪੁਲਿਸ ਰਿਕਾਰਡ ਅਨੁਸਾਰ ਸੰਦੀਪ ਸਿੰਘ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮੁਕੱਦਮਾ ਦਰਜ ਨਹੀਂ ਸੀ। ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਉਸ ਤੋਂ ਧਮਕੀ ਭਰੇ ਪੱਤਰ, ਹਥਿਆਰ ਦੀ ਖਰੀਦ ਅਤੇ ਇਸ ਸਾਜ਼ਿਸ਼ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦਿਹਾਤੀ ਪੁਲਿਸ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button