
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਫਿਲਹਾਲ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਸ਼ਿਫਟ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਇਸ ਸਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਤਿੰਨ ਮਹੀਨਿਆਂ ਲਈ ਟਾਲ ਦਿੱਤੀ ਹੈ।
ਸੁਪਰੀਮ ਕੋਰਟ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ (IB) ਦੀ ਰਿਪੋਰਟ ਦੇਖਣ ਤੋਂ ਬਾਅਦ ਲਿਆ। ਰਿਪੋਰਟ ਵਿੱਚ ਖਦਸ਼ਾ ਜਤਾਇਆ ਗਿਆ ਹੈ ਕਿ ਜੇਕਰ ਭਾਈ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਂਦਾ ਹੈ ਤਾਂ ਇਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਅਸਰ ਪੈ ਸਕਦਾ ਹੈ।
ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੀ ਬੈਂਚ ਸਾਹਮਣੇ ਅੱਜ IB ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਹਵਾਰਾ ਦੀ ਜੇਲ੍ਹ ਤਬਦੀਲੀ ਦੀ ਸੰਭਾਵਨਾ ਬਾਰੇ IB ਤੋਂ ਜਾਣਕਾਰੀ ਮੰਗੀ ਸੀ। ਉੱਥੇ ਹੀ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ ਜਤਾਇਆ ਸੀ।
ਭਾਈ ਜਗਤਾਰ ਸਿੰਘ ਹਵਾਰਾ ਨੇ ਪਟੀਸ਼ਨ ਦਾਇਰ ਕਰਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਦੇ ਪਿੱਛੇ ਉਸ ਨੇ ਆਪਣੀ 90 ਸਾਲ ਤੋਂ ਵੱਧ ਉਮਰ ਦੀ ਬਜ਼ੁਰਗ ਮਾਂ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮਾਂ ਦੀ ਸਿਹਤ ਕਾਫੀ ਗੰਭੀਰ ਹੈ।
ਫਿਲਹਾਲ ਸੁਪਰੀਮ ਕੋਰਟ ਵੱਲੋਂ ਸੁਣਵਾਈ ਤਿੰਨ ਮਹੀਨਿਆਂ ਲਈ ਟਾਲੇ ਜਾਣ ਕਾਰਨ ਭਾਈ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਬਾਰੇ ਕੋਈ ਤੁਰੰਤ ਫੈਸਲਾ ਨਹੀਂ ਹੋਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




