
ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਅਤੇ ਮੁਲਾਜ਼ਮ ਮਾਰੂ ਨੀਤੀਆਂ ਤੋਂ ਅੱਕੇ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਮਹਿੰਗਾਈ ਭੱਤੇ (ਡੀਏ) ਦਾ ਪੱਤਰ ਜਾਰੀ ਕਰਵਾਉਣ ਲਈ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਜਦੋਂ ਸ਼ਾਂਤਮਈ ਢੰਗ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾਰਾਂ ਛੱਡੀਆਂ। ਇਸ ਦੌਰਾਨ ਕਈ ਅਧਿਆਪਕਾਂ, ਜਿਨ੍ਹਾਂ ਵਿੱਚ ਮਹਿਲਾ ਅਧਿਆਪਕ ਵੀ ਸ਼ਾਮਲ ਸਨ, ਨੂੰ ਸੱਟਾਂ ਲੱਗੀਆਂ। ਤਿੰਨ ਅਧਿਆਪਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪ੍ਰਦਰਸ਼ਨ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ, ਪਰ ਉਹ ਬੈਰੀਕੇਡਾਂ ’ਤੇ ਡਟੇ ਰਹੇ।
ਰੋਸ ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਤਰਨ ਤਾਰਨ, ਨਰਦੀਪ ਸ਼ਰਮਾ ਅਤੇ ਜੋਨੀ ਸਿੰਗਲਾ ਨੇ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨਾਲ ਪੈਨਲ ਮੀਟਿੰਗਾਂ ਦਾ ਡਰਾਮਾ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਹਨ।
ਆਗੂਆਂ ਨੇ ਮੰਗ ਕੀਤੀ ਕਿ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਉਨ੍ਹਾਂ ’ਤੇ ਅਨਰਿਵਾਈਜ਼ਡ ਪੂਰਾ ਡੀਏ ਅਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ ਸੇਵਾਮੁਕਤ ਅਧਿਆਪਕਾਂ ਨੂੰ ਬਣਦੇ ਸਾਰੇ ਸੇਵਾਮੁਕਤੀ ਲਾਭ ਦਿੱਤੇ ਜਾਣ।
ਸੂਬਾ ਆਗੂ ਹਰਪ੍ਰੀਤ ਸਿੰਘ, ਸੁਨੀਤ ਸਰੀਨ, ਸਿਕੰਦਰ ਸਿੰਘ ਅਤੇ ਅਨਿਲ ਐਰੀ ਨੇ ਕਿਹਾ ਕਿ ਅਧਿਆਪਕ ਪਿਛਲੇ ਦੋ ਸਾਲਾਂ ਤੋਂ ਲਟਕ ਰਹੇ ਡੀਏ ਦੇ ਪੱਤਰ ਨੂੰ ਜਾਰੀ ਕਰਵਾਉਣ ਲਈ ਇਕੱਠੇ ਹੋਏ ਹਨ, ਪਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਡੀਏ ਦਾ ਪੱਤਰ ਜਾਰੀ ਹੋਣ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




