
ਫਗਵਾੜਾ/ਜਲੰਧਰ, 10 ਨਵੰਬਰ 2026-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਫਗਵਾੜਾ ਸਥਿਤ ਵਿਸ਼ਵ ਪ੍ਰਸਿੱਧ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮੰਦਰ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇਪਰਗਟ ਸਿੰਘ ਨੇ ਕਿਹਾ ਕਿ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਸਮਾਜ ਵਿੱਚ ਬਹੁਤ ਸਤਿਕਾਰਯੋਗ ਸਥਾਨ ਹੈ। ਉਨ੍ਹਾਂ ਨੂੰ ਨਿਰਮਾਣ, ਸ਼ਿਲਪਕਲਾ, ਤਕਨੀਕੀ ਮੁਹਾਰਤ ਅਤੇ ਸਿਰਜਣਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਹੁਨਰ, ਲਗਨ ਅਤੇ ਆਪਣੇ ਕੰਮ ਪ੍ਰਤੀ ਸਮਰਪਣ ਦੀ ਪ੍ਰੇਰਨਾ ਦਿੰਦੀਆਂ ਹਨ। ਦੇਸ਼ ਅਤੇ ਪੰਜਾਬ ਦੀ ਉਦਯੋਗਿਕ ਤਰੱਕੀ ਵਿੱਚ ਕਾਰੀਗਰਾਂ, ਮਜ਼ਦੂਰਾਂ, ਤਕਨੀਕੀ ਮਾਹਿਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਬੇਹੱਦ ਅਹਿਮ ਯੋਗਦਾਨ ਹੈ। ਇਨ੍ਹਾਂ ਦੀ ਮਿਹਨਤ ਸਦਕਾ ਹੀ ਉਦਯੋਗ ਅਤੇ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਉਦਯੋਗ ਜਗਤ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵੱਖਰੀ ਅਤੇ ਵਿਆਪਕ ਉਦਯੋਗਿਕ ਨੀਤੀ ਬਣਾਈ ਜਾਵੇਗੀ। ਖਾਸ ਤੌਰ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਰਵਾਇਤੀ ਉਦਯੋਗਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਉਦਯੋਗਿਕ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਕਿ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾਵੇ। ਉਦਯੋਗਾਂ ਨੂੰ ਪ੍ਰੋਤਸਾਹਨ ਮਿਲਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ।
ਦੋਨਾਂ ਨੇਤਾਵਾਂ ਨੇ ਵਿਸ਼ਵਕਰਮਾ ਦਿਵਸ ਦੀਆਂ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਕਾਰੀਗਰਾਂ, ਮਜ਼ਦੂਰਾਂ, ਉੱਦਮੀਆਂ ਅਤੇ ਉਦਯੋਗ ਜਗਤ ਨਾਲ ਜੁੜੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਬਾਬਾ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਮਿਹਨਤ, ਹੁਨਰ ਅਤੇ ਸਿਰਜਣਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




