CBI ਅਦਾਲਤ ਵੱਲੋਂ 34 ਸਾਲ ਪੁਰਾਣੇ ਅਗਵਾ ਤੇ ਲਾਪਤਾ ਮਾਮਲੇ ‘ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਸਾਲ 1992 ਦੇ ਇੱਕ ਬਹੁ-ਚਰਚਿਤ ਅਗਵਾ ਅਤੇ ਵਿਅਕਤੀ ਨੂੰ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਅੱਜ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਪਰਮਿੰਦਰਜੀਤ ਸਿੰਘ, ਦੋ ਕਿ ਐਸਐਸਪੀ ਦਾ ਸੁਰੱਖਿਆ ਗਾਰਡ ਸੀ, ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।ਪੀੜਤ ਪਰਿਵਾਰ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਦੋਸ਼ੀ ਸਾਬਕਾ ਐਸਐਸਪੀ ਰੰਧਾਵਾ ਨੂੰ ਵੀਰਵਾਰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਸ਼ੀ ਅਧਿਕਾਰੀ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅਦਾਲਤ ‘ਚੋਂ ਰਿਕਾਰਡ ਵੀ ਗਾਇਬ ਕਰਵਾ ਦਿੱਤਾ ਪ੍ਰੰਤੂ ਅਦਾਲਤ ਦੀ ਸਖ਼ਤੀ ਤੋਂ ਬਾਅਦ ਨਵੇਂ ਸਿਰਿਓ ਗੁੰਮ ਕੀਤੇ ਜਾਂ ਕਰਵਾਏ ਰਿਕਾਰਡ ਵੀ ਨਵੀਂ ਫਾਈਲ ਤਿਆਰ ਕਰਵਾਈ ਗਈ।
ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਲੁਧਿਆਣਾ ਦੇ ਪ੍ਰਸਿੱਧ ਟ੍ਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਲੁਧਿਆਣਾ ਵਿਖੇ ਇੱਕ ਵਿਆਹ ਸਮਾਗਮ ਦੇ ਦੌਰਾਨ ਪੁਲਿਸ ਟੀਮ ਵੱਲੋਂ ਜ਼ਬਰਦਸਤੀ ਚੁੱਕ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਤੋਂ ਬਾਅਦ ਅਮਰੀਕ ਸਿੰਘ ਸਕਰੀ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਉਹ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਏ।ਪਰਿਵਾਰ ਵੱਲੋਂ ਇਨਸਾਫ਼ ਲਈ ਲੰਮੇ ਸਮੇਂ ਤੱਕ ਕਾਨੂੰਨੀ ਲੜਾਈ ਲੜੀ ਗਈ। ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਕਾਰਵਾਈ ਤੋਂ ਨਿਰਾਸ਼ ਹੋ ਕੇ ਜਦੋਂ ਇਹ ਮਾਮਲਾ ਉੱਚ ਅਦਾਲਤਾਂ ਦੇ ਧਿਆਨ ਵਿੱਚ ਆਇਆ, ਤਾਂ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਤਫ਼ਤੀਸ਼ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਹਵਾਲੇ ਕੀਤੀ ਗਈ ਸੀ।
ਸੀਬੀਆਈ ਨੇ ਆਪਣੀ ਤਫ਼ਤੀਸ਼ ਦੌਰਾਨ ਪਾਇਆ ਸੀ ਕਿ ਘਟਨਾ ਦੇ ਸਮੇਂ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਅਤੇ ਹੋਰ ਪੁਲਿਸ ਕਰਮਚਾਰੀ ਇਸ ਗੈਰ-ਕਾਨੂੰਨੀ ਹਿਰਾਸਤ ਅਤੇ ਅਗਵਾ ਦੀ ਕਾਰਵਾਈ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਸੀਬੀਆਈ ਨੇ ਅਦਾਲਤ ਵਿੱਚ ਠੋਸ ਸ਼ਾਹਦੀਆਂ, ਚਸ਼ਮਦੀਦ ਗਵਾਹਾਂ ਦੇ ਬਿਆਨ ਅਤੇ ਦਸਤਾਵੇਜ਼ੀ ਸਬੂਤ ਪੇਸ਼ ਕੀਤੇਲੰਮੀ ਸੁਣਵਾਈ ਅਤੇ ਦੋਵਾਂ ਧਿਰਾਂ ਦੀਆਂ ਬਹਿਸਾਂ ਸੁਣਨ ਤੋਂ ਬਾਅਦ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਗਰਦਾਨਿਆ।ਦੂਜੇ ਪਾਸੇ ਮਾਮਲੇ ਦੇ ਦੂਜੇ ਨਾਮਜ਼ਦ ਪਰਮਿੰਦਰਜੀਤ ਸਿੰਘ ਖਿਲਾਫ਼ ਪੂਰੇ ਸਬੂਤ ਨਾ ਹੋਣ ਕਾਰਨ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦਿਆਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ।
ਪੀੜਤ ਪਰਿਵਾਰ ਪਿਛਲੇ 34 ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰ ਦੇ ਇਨਸਾਫ਼ ਲਈ ਅਦਾਲਤਾਂ ਦੇ ਚੱਕਰ ਕੱਟ ਰਿਹਾ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਰਾਹਤ ਦਾ ਸਾਹ ਲਿਆ ਹੈ, ਦੋਸ਼ੀ ਨੂੰ ਵੀਰਵਾਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ।ਇਹ ਫੈਸਲਾ ਪੰਜਾਬ ਪੁਲਿਸ ਦੇ ਉਸ ਦੌਰ ਨਾਲ ਜੁੜੇ ਮਾਮਲਿਆਂ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਮੰਨਿਆ ਜਾ ਰਿਹਾ ਹੈ, ਜਿੱਥੇ ਗੈਰ-ਕਾਨੂੰਨੀ ਹਿਰਾਸਤ ਅਤੇ ਲਾਪਤਾ ਕਰਨ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਬਾਅਦ ਜਵਾਬਦੇਹੀ ਤੈਅ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




