
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੇ ਵਿਜ਼ਨ ਨੂੰ ਮੁੜ ਦੁਹਰਾਉਂਦਿਆਂ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ, ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਰਗੇ ਯਤਨਾਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਖੇਡਾਂ ਨੂੰ ਲਗਾਤਾਰ ਪ੍ਰਫੁੱਲਿਤ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਅੱਜ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਕੀਤਾ, ਜੋ ਵਿਸ਼ਵ-ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿੱਚ ਵਿਕਸਤ ਕੀਤਾ ਜਾ ਰਿਹਾ ਇਹ ਸਪੋਰਟਸ ਕੰਪਲੈਕਸ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਵਿਆਪਕ ਮੁਹਿੰਮ ਦਾ ਹਿੱਸਾ ਹੈ। 1,744 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ, ਪੰਜਾਬ ਭਰ ਵਿੱਚ ਵਿਕਸਤ ਕੀਤੇ ਜਾ ਰਹੇ 3,100 ਖੇਡ ਮੈਦਾਨਾਂ, ਓਲੰਪਿਕ ਤਮਗਾ ਜੇਤੂਆਂ ਲਈ 1 ਕਰੋੜ ਤੋਂ 3 ਕਰੋੜ ਰੁਪਏ ਤੱਕ ਦੇ ਨਕਦ ਇਨਾਮਾਂ ਅਤੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਅਧਿਕਾਰ ਹਾਸਲ ਕਰਨ ਦੇ ਯਤਨਾਂ ਨਾਲ ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਸੁਰਜੀਤ ਕਰਨ ਦੇ ਨਾਲ-ਨਾਲ ਪੰਜਾਬ ਦੇ ਖਿਡਾਰੀਆਂ ਲਈ ਮੌਕਿਆਂ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ।
ਸਮਾਗਮ ਵਾਲੀ ਥਾਂ ’ਤੇ ਪਹੁੰਚਣ ’ਤੇ ਬੱਚਿਆਂ ਨੇ ਮੁੱਖ ਮੰਤਰੀ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਟੀਮਾਂ ਅਤੇ ਖੇਡਾਂ ਦੀ ਨੁਮਾਇੰਦਗੀ ਕਰ ਰਹੇ ਖਿਡਾਰੀਆਂ ਨਾਲ ਹੱਥ ਮਿਲਾਇਆ, ਉਨ੍ਹਾਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਆਪਣੇ ਖੇਡ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨ ਹਾਕੀ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੇਡ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਤੇ ਜਜ਼ਬੇ ਦੀ ਸ਼ਲਾਘਾ ਕੀਤੀ।
ਇਸ ਇਤਿਹਾਸਕ ਮੌਕੇ ’ਤੇ ਜਹਾਂਗੀਰ-ਕਹੇਰੂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਧੁਨਿਕ ਹਾਕੀ ਐਸਟ੍ਰੋਟਰਫ ਸਹੂਲਤ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਇੱਕ ਵੱਡਾ ਹੁਲਾਰਾ ਹੈ। ਉਨ੍ਹਾਂ ਦੱਸਿਆ ਕਿ ਇਹ ਐਸਟ੍ਰੋ-ਟਰਫ ਮੈਦਾਨ ਅਤੇ ਪਵੇਲੀਅਨ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਹਾਕੀ ਸਾਡੀ ਮਾਂ ਖੇਡ ਹੈ, ਜੋ ਪੰਜਾਬੀਆਂ ਦੇ ਖ਼ੂਨ ਵਿੱਚ ਵੱਸਦੀ ਹੈ। ਇਸ ਵਿਸ਼ਵ-ਪੱਧਰੀ ਐਸਟ੍ਰੋ-ਟਰਫ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੁਣ ਆਪਣੇ ਹੀ ਪਿੰਡ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ।”
ਇਸ ਵੱਕਾਰੀ ਖੇਡ ਬੁਨਿਆਦੀ ਢਾਂਚਾ ਪ੍ਰਾਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਏਕੜ ਰਕਬੇ ਵਿੱਚ 39.20 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇਹ ਸਪੋਰਟਸ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਹਾਕੀ ਮੈਦਾਨ ਮੁਕੰਮਲ ਹੋ ਚੁੱਕਾ ਹੈ, ਜੋ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਸਹੂਲਤਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਹਰ ਖੇਡ ਖੇਤਰ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲ ਸਕੇ। ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਲਈ ਸਹੂਲਤਾਂ ਉਪਲਬਧ ਹੋਣਗੀਆਂ।”ਉਨ੍ਹਾਂ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ ਉਸਾਰਿਆ ਜਾ ਰਿਹਾ ਹੈ। ਇਸ ਸਹੂਲਤ ਦਾ 30 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ, 2027 ਤੱਕ ਪੂਰਾ ਕਰਨ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਪਵੇਲੀਅਨ ਸਮੇਤ ਇੱਕ ਆਧੁਨਿਕ 25 * 15 ਮੀਟਰ ਸਵੀਮਿੰਗ ਪੂਲ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ, ਜੋ 30 ਜੂਨ, 2027 ਤੱਕ ਮੁਕੰਮਲ ਹੋ ਜਾਵੇਗਾ।ਕੰਪਲੈਕਸ ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 5.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ ਵੱਖਰਾ ਖੇਡ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਇੱਕ ਸਕੇਟਿੰਗ ਰਿੰਗ, ਇੱਕ ਲਾਅਨ ਟੈਨਿਸ ਕੋਰਟ ਅਤੇ ਇੱਕ ਖੋ-ਖੋ ਕੋਰਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ 30 ਜੂਨ, 2027 ਤੱਕ ਤਿਆਰ ਹੋ ਜਾਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




