PunjabTop News

CIA ਸਟਾਫ ਮਲੋਟ ਦੇ ASI ਤੇ ਸਿਪਾਹੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ CIA. ਸਟਾਫ ਮਲੋਟ, ਜਿਲ੍ਹਾ ਮੁਕਤਸਰ ਦੇ ASI ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਨੰਬਰ 183/Mks) ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
ਇਸ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ਼ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ਼ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ।

ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ.ਐਸ.ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।

ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button