
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਦੀ ਸੂਬਿਆਂ ਦੀ ਸਮਰੱਥਾ ਨੂੰ ਖੋਰਾ ਲਾ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਇਸ ਬਿੱਲ ‘ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਸੁਧਾਰਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਹੈ, ਜੋ ਉੱਚ ਸਿੱਖਿਆ ਦੇ ਖੇਤਰ ਨੂੰ ਵੱਡੇ ਪੱਧਰ ‘ਤੇ ਪ੍ਰਭਾਵਿਤ ਕਰ ਸਕਦੇ ਹਨ।
ਦੇਸ਼ ਭਰ ਦੇ ਕਰੋੜਾਂ ਮਾਪਿਆਂ ਦੇ ਆਪਣੇ ਬੱਚਿਆਂ ਦੀ ਸਿੱਖਿਆ ‘ਤੇ ਉਮੀਦਾਂ ਅਤੇ ਸੁਪਨੇ ਟਿਕਾਈ ਰੱਖਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ ਦੇ ਬੱਚੇ ਲਈ ਮੌਕਿਆਂ ਦਾ ਰਾਹ ਹੋਣੀ ਚਾਹੀਦੀ ਹੈ, ਨਾ ਕਿ ਪਰਿਵਾਰਾਂ ‘ਤੇ ਆਰਥਿਕ ਬੋਝ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਤਰੱਕੀ ਉੱਚ ਸਿੱਖਿਆ ਨੂੰ ਯੂਨੀਵਰਸਿਟੀਆਂ, ਬੁਨਿਆਦੀ ਢਾਂਚੇ, ਫੈਕਲਟੀ ਅਤੇ ਖੋਜ ਵਿੱਚ ਵੱਧ ਨਿਵੇਸ਼ ਰਾਹੀਂ ਵਧੇਰੇ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ‘ਤੇ ਨਿਰਭਰ ਕਰਦੀ ਹੈ, ਨਾ ਕਿ ਅਜਿਹੇ ਉਪਾਵਾਂ ‘ਤੇ ਜੋ ਲਾਗਤਾਂ ਨੂੰ ਵਧਾਉਂਦੇ ਹਨ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਦਾ ਕੇਂਦਰੀਕਰਨ ਕਰਦੇ ਹਨ।
ਆਪਣੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ ਕਿ ਉਹ ਨਾ ਸਿਰਫ਼ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਗੋਂ ਭਾਰਤ ਭਰ ਦੇ ਉਨ੍ਹਾਂ ਕਰੋੜਾਂ ਮਾਪਿਆਂ ਦੇ ਨੁਮਾਇੰਦੇ ਵਜੋਂ ਲਿਖ ਰਹੇ ਹਨ, ਜਿਨ੍ਹਾਂ ਦੀਆਂ ਸਭ ਤੋਂ ਵੱਡੀਆਂ ਉਮੀਦਾਂ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ, “ਹਰ ਪਰਿਵਾਰ ਚਾਹੁੰਦਾ ਹੈ ਕਿ ਉਸ ਦਾ ਬੱਚਾ ਮਿਆਰੀ ਸਿੱਖਿਆ ਹਾਸਲ ਕਰੇ, ਆਪਣੇ ਪੈਰਾਂ ‘ਤੇ ਖੜ੍ਹਾ ਹੋਵੇ, ਇੱਜ਼ਤਦਾਰ ਰੋਜ਼ਗਾਰ ਹਾਸਲ ਕਰੇ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ। ਇਸੇ ਕਰਕੇ ਸਿੱਖਿਆ ਸਿਰਫ਼ ਇੱਕ ਪ੍ਰਸ਼ਾਸਨਿਕ ਵਿਸ਼ਾ ਨਹੀਂ ਹੈ, ਇਹ ਭਾਰਤ ਦੇ ਰੌਸ਼ਨ ਭਵਿੱਖ ਨਾਲ ਜੁੜਿਆ ਸਵਾਲ ਹੈ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




