PunjabTop News

MP ਅੰਮ੍ਰਿਤਪਾਲ ਦੀ ਪਾਰਟੀ ’ਚ ਸ਼ਾਮਲ ਹੋਣਗੇ ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਬੁੱਧਵਾਰ ਨੂੰ ਵਾਰਸ ਪੰਜਾਬ ਜਥੇਬੰਦੀ ’ਚ ਸ਼ਾਮਲ ਹੋ ਜਾਣਗੇ। ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਬੁੱਧਵਾਰ ਨੂੰ 12 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਦਾ ਰਸਮੀ ਐਲਾਨ ਕਰਨਗੇ। ਹਾਲਾਂਕਿ ਵਾਰਸ ਪੰਜਾਬ ਜਥੇਬੰਦੀ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਆਗੂਆਂ ਦੇ ਨਾਮ ਦਾ ਵੇਰਵਾ ਜਨਤਕ ਨਹੀਂ ਕੀਤਾ ਪਰ ਸੂਤਰ ਦੱਸਦੇ ਹਨ ਕਿ ਇਹ ਦੋਵੇਂ ਸਾਬਕਾ ਅਧਿਕਾਰੀ ਆਪਣੇ ਸਿਆਸੀ ਸਫ਼ਰ ਦੀ ਨਵੀਂ ਸ਼ੁਰੂਆਤ ਕਰ ਰਹੇ ਹਨ। ਨਿਰੰਜਣ ਸਿੰਘ ਨੇ ਤਾਂ ਵਾਰਸ ਪੰਜਾਬ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ, ਪਰ ਡੀਐੱਸਪੀ ਸੇਖੋ ਨੇ ਸਪਸ਼ਟ ਰੂਪ ’ਚ ਕੋਈ ਜਵਾਬ ਨਾ ਦਿੰਦੇਹੋਏ ਕਿਹਾ ਕਿ ਅਜੇ ਉਹ ਭਾਜਪਾ ’ਚ ਬੈਠੇ ਹਨ। ਪਰ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਇੱਥੇ ਦੱਸਿਆ ਜਾਂਦਾ ਹੈ ਕਿ ਨਿਰੰਜਣ ਸਿੰਘ ਦਾ ਨਾਮ ਪੰਜਾਬ ਦੇ ਬਹੁ-ਕਰੋੜੀ ਡਰੱਗ ਰੈਕੇਟ ਦੀ ਜਾਂਚ ਨਾਲ ਚਰਚਾ ’ਚ ਆਇਆ। ਉਨ੍ਹਾਂ ਜਗਦੀਸ਼ ਸਿੰਘ ਭੋਲਾ ਨਾਲ ਸਬੰਧਤ ਬਹੁ-ਚਰਚਿਤ ਡਰੱਗ ਮਾਮਲੇ ਦੀ ਜਾਂਚ ਕੀਤੀ ਤੇ ਉਨ੍ਹਾਂ ਦੀ ਜਾਂਚ ਤੋਂ ਬਾਅਦ ਸੂਬੇ ਦੇ ਕੁਝ ਸਿਆਸੀ ਆਗੂਆਂ ਤੋਂ ਵੀ ਪੁੱਛਗਿੱਛ ਹੋਈ ਸੀ। ਸਾਲ 2021 ’ਚ ਨਿਰੰਜਣ ਸਿੰਘ ਸੇਵਾਮੁਕਤ ਹੋਏ। ਉਹ ਲਗਾਤਾਰ ਪੰਜਾਬ ਵਿਚ ਨਸ਼ਾ ਮਾਮਲੇ ਅਤੇ ਇਸ ਨਾਲ ਜੁੜੇ ਕਥਿਤ ਨੈੱਟਵਰਕ ਬਾਰੇ ਜਨਤਕ ਤੌਰ ‘ਤੇ ਆਪਣੀ ਰਾਏ ਰੱਖਦੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਵਿਚ ਨਸ਼ਾ ਤਸਕਰੀ ਦੇ ਕਥਿਤ ਪੁਲਿਸ-ਤਸਕਰ ਗਠਜੋੜ ਹੋਣ ਬਾਰੇ ਵੀ ਟਿੱਪਣੀ ਕੀਤੀ ਸੀ।ਅਕਾਲੀ ਦਲ ਵਾਰਿਸ ਪੰਜਾਬ ਵਿਚ ਸਾਬਕਾ ਅਧਿਕਾਰੀਆਂ ਦਾ ਸ਼ਾਮਲ ਹੋਣਾ ਬਹੁਤ ਮਾਅਨੇ ਰੱਖਦਾ ਹੈ ਕਿਉਂਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਕੁੱਝ ਕੁ ਮਹੀਨੇ ਬਚੇ ਹਨ। ਅਜਿਹੇ ਮੌਕੇ ਜਦੋ ਭਾਜਪਾ, ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੂਜੀਆਂ ਪਾਰਟੀਆਂ ਦੇ ਆਗੂਆਂ, ਸਾਬਕਾ ਵਿਧਾਇਕਾਂ ਨੂੰ ਆਪਣੇ ਵਿਚ ਸ਼ਾਮਲ ਕਰਨ ਲੱਗੀਆਂ ਹੋਈਆਂ ਹਨ ਤਾਂ ਇਹਨਾਂ ਸਾਬਕਾ ਅਧਿਕਾਰੀਆਂ ਦਾ ਵਾਰਸ ਪੰਜਾਬ ਵਿਚ ਸ਼ਾਮਲ ਹੋਣਾ ਸੰਕੇਤ ਦੇ ਰਿਹਾ ਹੈ ਕਿ ਪੰਜਾਬ ਦੀ ਸਿਆਸਤ ਦੇ ਰੰਗ ਆਗਾਮੀ ਦਿਨਾਂ ਵਿਚ ਹੋਰ ਵੀ ਬਦਲ ਸਕਦੇ ਹਨ।
ਨਰੰਜਨ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਦੇ ਬਹੁਤ ਸਪਸ਼ਟ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ, ਗੈਂਗਸਟਰਵਾਦ ਅਤੇ ਨਸ਼ੇ ਖ਼ਤਮ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਫ਼ੀ ਖਰਾਬ ਹੋ ਚੁੱਕੀ ਹੈ। ਪਾਰਟੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਵਿਚ ਬੰਦ ਹੋਣ ਬਾਰੇ ਪੁੱਛੇ ਸਵਾਲ ਵਿਚ ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button