MP ਅੰਮ੍ਰਿਤਪਾਲ ਸਿੰਘ ਨਾਲ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਸੁਖਦੀਪ ਸਿੰਘ ਨੂੰ ਮਿਲੀ ਦੋ ਦਿਨ ਦੀ ਪੈਰੋਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਅਤੇ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਪੈਰੋਲ ਦਿੱਤੀ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਪੰਨੂ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਹ ਫੈਸਲਾ ਸੁਣਾਇਆ ਹੈ।
ਵਕੀਲ ਕਰਮਵੀਰ ਸਿੰਘ ਪੰਨੂ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਗਈ ਸੀ। ਅਦਾਲਤ ਨੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਇੱਕ ਦਿਨ ਦੀ ਅੰਤਰਿਮ ਪੈਰੋਲ ਮਨਜ਼ੂਰ ਕੀਤੀ ਹੈ। ਵਕੀਲ ਨੇ ਦੱਸਿਆ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੁਲਿਸ ਹਿਰਾਸਤ ਵਿੱਚ ਹੀ ਆਉਣਗੇ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਆਉਣ-ਜਾਣ ਨਾਲ ਸਬੰਧਤ ਖਰਚਿਆਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਜਾਂ ਪਰਿਵਾਰ ਵੱਲੋਂ ਚੁੱਕੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਦਾਲਤ ਦਾ ਵਿਸਥਾਰਪੂਰਵਕ ਹੁਕਮ ਮਿਲਣ ਤੋਂ ਬਾਅਦ ਪੈਰੋਲ ਦੀਆਂ ਸ਼ਰਤਾਂ ਅਤੇ ਹੋਰ ਕਾਨੂੰਨੀ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਰਿਸ਼ਤੇਦਾਰ ਸੁਖਦੀਪ ਸਿੰਘ ਨੂੰ ਦੋ ਦਿਨ ਦੀ ਪੈਰੋਲ ਦਿੱਤੀ ਗਈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਅਦਾਲਤ ਦੇ ਵਿਸਥਾਰਪੂਰਵਕ ਹੁਕਮਾਂ ਅਤੇ ਪੈਰੋਲ ਦੀਆਂ ਸ਼ਰਤਾਂ ‘ਤੇ ਟਿਕੀਆਂ ਹੋਈਆਂ ਹਨ।
ਫਿਲਹਾਲ ਅੰਮ੍ਰਿਤ ਪਾਲ ਸਿੰਘ ਦੇ ਬਾਹਰ ਆਉਣ ਦੀ ਤਰੀਕ ਉਨਾਂ ਦੇ ਵਕੀਲ ਵੱਲੋਂ ਨਹੀਂ ਦੱਸੀ ਗਈ ਹੈ ਉਹਨਾਂ ਦਾ ਕਹਿਣਾ ਹੈ ਕਿ ਇਸ ਬਾਰੇ ਜਦੋਂ ਕਾਗਜੀ ਕਾਰਵਾਈ ਪੂਰੀ ਹੋਵੇਗੀ ਤਾਂ ਉਸ ਤੋਂ ਬਾਅਦ ਹੀ ਇਸ ਬਾਰੇ ਸਪਸ਼ਟ ਹੋ ਪਾਵੇਗਾ ਕਿ ਉਹ ਆਪਣੀ ਦਾਦੀ ਦੇ ਸਸਕਾਰ ਤੇ ਪਹੁੰਚ ਪਾਉਂਦੇ ਹਨ ਜਾਂ ਫਿਰ ਅੰਤਿਮ ਅਰਦਾਸ ਮੌਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




