
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਦਿੱਲੀ ਪਹੁੰਚ ਗਈ ਹੈ। ਫ਼ਿਲਹਾਲ ਉਨ੍ਹਾਂ ਨੂੰ ਦਿੱਲੀ ਵਿਖੇ ਇੱਕ ਸੇਫ਼ ਹਾਊਸ ਵਿੱਚ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ, ਜਿੱਥੋਂ ਅੱਜ ਸਵੇਰੇ ਸੰਸਦ ਮੈਂਬਰ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਨਿਰਧਾਰਤ ਪ੍ਰੋਗਰਾਮ ਮੁਤਾਬਕ, ਅੱਜ ਸਵੇਰੇ 7:15 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਫ਼ਲਾਈਟ ਰਵਾਨਾ ਹੋਵੇਗੀ, ਜੋ ਸਵੇਰੇ 8:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੀ ਕਸਟਡੀ ਪੈਰੋਲ ਤਹਿਤ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਲਿਜਾਇਆ ਜਾਵੇਗਾ, ਜਿੱਥੇ ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।
ਕਸਟਡੀ ਪੈਰੋਲ ਦਾ ਸਮਾਂ ਸਮਾਪਤ ਹੋਣ ਤੋਂ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਵਾਪਸ ਅੰਮ੍ਰਿਤਸਰ ਏਅਰਪੋਰਟ ਲੈ ਕੇ ਜਾਵੇਗੀ। ਉੱਥੋਂ ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਦਿੱਲੀ ਲਈ ਫ਼ਲਾਈਟ ਉਡਾਣ ਭਰੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਸੰਸਦ ਮੈਂਬਰ ਦੀ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ।
MP ਅੰਮ੍ਰਿਤਪਾਲ ਸਿੰਘ ਕਰੀਬ ਸਾਢੇ 3 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਹਨ। ਅੰਮ੍ਰਿਤਪਾਲ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖ਼ਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖ਼ਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।
MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੌਰਾਨ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਵਿਗੜਨ ਦੀ ਸਥਿਤੀ ਵਿੱਚ ਪੁਲਿਸ ਨੂੰ ਉਨ੍ਹਾਂ ਨੂੰ ਤੁਰੰਤ ਵਾਪਸ ਲਿਜਾਣ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ। ਅੰਮ੍ਰਿਤਸਰ ਅਦਾਲਤ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਹ ਵਿਸ਼ੇਸ਼ ਛੋਟ ਦਿੱਤੀ ਹੈ। ਅਦਾਲਤ ਦੇ ਹੁਕਮਾਂ ਮੁਤਾਬਕ, ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਭੰਗ ਹੁੰਦੀ ਹੈ, ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਫਿਰ ਅਜਿਹੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਵੀ ਨਜ਼ਰ ਆਉਂਦਾ ਹੈ, ਤਾਂ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਸਸਕਾਰ ਵਾਲੀ ਥਾਂ ਤੋਂ ਹਟਾ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




