Press ReleasePunjabTop News

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਐਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ ਸਹਾਇਤਾ ਕੇਂਦਰ

ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀ ਭਲਾਈ ਲਈ ਨਿਵੇਕਲਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਭਗਵੰਤ ਸਿੰਘ ਮਾਨ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
ਦੁਖਦਾਇਕ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦੇ ਵਲੂੰਧਰੇ

ਨਵੀਂ ਦਿੱਲੀ, 8 ਅਗਸਤ: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਘਟਨਾ ਬਾਰੇ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਖੇਡ ਜਗਤ ਨੂੰ ਵੱਡਾ ਧੱਕਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਜਿਸ ਕਰਕੇ ਇਸ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਨਾਲ ਨਾ ਸਿਰਫ ਲੋਕਾਂ ਦਾ ਸਮੁੱਚੇ ਢਾਂਚੇ ਵਿੱਚ ਭਰੋਸਾ ਬਹਾਲ ਹੋਵੇਗਾ ਸਗੋਂ ਇਸ ਘਟਨਾ ਦੀ ਅਸਲ ਸਚਾਈ ਬੇਪਰਦ ਹੋਵੇਗੀ।
ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਫੋਗਾਟ ਦੇ ਸਟਾਫ ਦੀ ਭੂਮਿਕਾ ਵੀ ਸ਼ੱਕੀ ਹੈ ਕਿਉਂਕਿ ਉਨ੍ਹਾਂ ਨੇ ਨਿਰਧਾਰਤ ਸੀਮਾ ਵਿੱਚ ਪਹਿਲਵਾਨ ਦਾ ਭਾਰ ਕਾਬੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਇਕ ਘਟਨਾ ਨੇ ਵੱਡੇ ਸੁਆਲ ਖੜ੍ਹੇ ਕੀਤੇ ਹਨ ਅਤੇ ਨਿਰਪੱਖ ਜਾਂਚ ਰਾਹੀਂ ਇਨ੍ਹਾਂ ਦਾ ਜਵਾਬ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਰਗੇ ਮਹੱਤਵਪੂਰਨ ਮੁਕਾਬਲੇ ਜਿੱਥੇ ਦੇਸ਼ ਦਾ ਸਭ ਕੁਝ ਦਾਅ ਉਤੇ ਲੱਗਾ ਹੋਵੇ, ਵਿੱਚ 100 ਗ੍ਰਾਮ ਭਾਰ ਕਾਬੂ ਕਰਨਾ ਬਹੁਤਾ ਵੱਡਾ ਮਸਲਾ ਨਹੀਂ। ਉਨ੍ਹਾਂ ਕਿਹਾ ਕਿ ਇਹ ਸਹਾਇਕ ਸਟਾਫ ਦੀ ਨਾਕਾਮੀ ਹੈ ਕਿਉਂਕਿ ਅਜਿਹੇ ਮਸਲਿਆਂ ਦਾ ਖਿਆਲ ਰੱਖਣਾ ਉਨ੍ਹਾਂ ਦੀ ਜਿੰਮੇਵਾਰੀ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੋਂ ਕੌਮੀ ਰਾਜਧਾਨੀ ਆਉਣ ਵਾਲੇ ਵਾਹਨਾਂ ਦੀ ਨਿਰਵਿਘਨ ਐਂਟਰੀ ਦਾ ਮਸਲਾ ਛੇਤੀ ਹੱਲ ਕਰ ਲਿਆ ਜਾਵੇਗਾ ਕਿਉਂਕਿ ਹੁਣ ਮਿਊਂਸਪਲ ਕਾਰਪੋਰੇਸ਼ਨ, ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button