NewsPunjabTop NewsUncategorized

ਸ਼੍ਰੋਮਣੀ ਕਮੇਟੀ `ਚ ਬੇਨਿਯਮੀਆਂ ਅਤੇ ਘਪਲੇਬਾਜ਼ੀਆਂ ਨੂੰ ਲੈ ਕੇ ਐੱਸਜੀਪੀਸੀ ਮੈਂਬਰਾਂ ਵੱਲੋਂ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਦਿੱਤਾ ਜਾਵੇਗਾ ਮੰਗ ਪੱਤਰ

ਚੰਡੀਗੜ੍ਹ –  ਸ਼੍ਰੋਮਣੀ ਕਮੇਟੀ ਵਿੱਚ ਬੇਨਿਯਮੀਆਂ ਅਤੇ ਘਪਲੇਬਾਜ਼ੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੈਂਬਰਾਂ ਦਾ ਇੱਕ ਵਫ਼ਦ ਵਿਸਾਖੀ ਮੌਕੇ 13 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਜੀਪੀਸੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ, ਹਰਦੇਵ ਸਿੰਘ ਰੋਗਲਾ, ਹਰਪ੍ਰੀਤ ਸਿੰਘ ਗਰਚਾ ਅਤੇ ਰਾਮਪਾਲ ਸਿੰਘ ਬਹਿਣੀਵਾਲ, ਮਲਕੀਤ ਸਿੰਘ ਚੰਗਾਲ, ਅਮਰੀਕ ਸਿੰਘ ਸ਼ਾਹਪੁਰ ਅਤੇ ਜਗਰਾਜ ਸਿੰਘ ਦੋਧਰ ਨੇ ਦੱਸਿਆ ਕਿ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਐੱਸਜੀਪੀਸੀ ਮੈਂਬਰਾਂ ਵੱਲੋਂ ਸੌਂਪੇ ਜਾਣ ਵਾਲੇ ਮੰਗ ਪੱਤਰ ਵਿੱਚ ਮੁੱਖ ਤੌਰ `ਤੇ ਐੱਸਜੀਪੀਸੀ ਨੂੰ ਪੀਟੀਸੀ ਚੈਨਲ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕਰਕੇ ਆਪਣਾ ਨਿੱਜੀ ਚੈਨਲ ਸ਼ੁਰੂ ਕਰਨ, ਸਿੱਖਾਂ ਦੀ ਨਮਾਇੰਦਾ ਪੰਥਕ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਪਤਨ ਕਰਨ ਲਈ ਜਿ਼ੰਮੇਵਾਰ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਦਾ ਖਿ਼ਤਾਬ ਵਾਪਸ ਲੈਣ, ਸ਼੍ਰੀ ਗੁੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਮਾਮਲੇ ਵਿੱਚ ਐੱਫ਼ਆਈਆਰ ਦਰਜ ਕਰਵਾਉਣ ਸਬੰਧੀ ਮੰਗਾਂ ਸ਼ਾਮਿਲ ਹਨ।

ਇਥੇ ਜਾਰੀ ਬਿਆਨ ਵਿੱਚ ਐੱਸਜੀਪੀਸੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਐੱਸਜੀਪੀਸੀ ਦੀਆਂ ਆਪਹੁਦਰੀਆਂ ਅਤੇ ਧੱਕੇਸ਼ਾਹੀਆਂ ਕਾਰਨ ਸਿੱਖ ਪੰਥ ਦੇ ਸਿਧਾਂਤਾਂ ਨੂੰ ਢਾਹ ਲਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਟੀਸੀ ਚੈਨਲ `ਤੇ ਗੁਰਬਾਣੀ ਦੇ ਪ੍ਰਸਾਰਣ ਦੀ ਦਿੱਤੀ ਗਈ ਇਜਾਜਤ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਐੱਸਜੀਪੀਸੀ ਵੱਲੋਂ 14 ਸਤੰਬਰ 2011 ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋਂ ਪੀਟੀਸੀ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਣ ਦੀ ਇਜਾਜਤ ਦਿੱਤੀ ਗਈ ਸੀ ਜਦਕਿ 18 ਸਤੰਬਰ 2011 ਨੂੰ ਐੱਸਜੀਪੀਸੀ ਦੀਆਂ ਚੋਣਾਂ ਹੋਣ ਵਾਲੀਆਂ ਸਨ। ਇਸ ਦੌਰਾਨ ਚੋਣ ਜਾਬਤਾ ਲੱਗਾ ਹੋਇਆ ਸੀ ਪਰ ਇਸ ਸਭ ਦੀ ਪਰਵਾਹ ਕੀਤੇ ਬਿਨਾਂ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮਕੱੜ ਨੇ ਬਾਦਲ ਪਰਿਵਾਰ ਦੇ ਪ੍ਰਭਾਵ ਹੇਠ ਪੀਟੀਸੀ ਨੂੰ ਗੁਰਬਾਣੀ ਦੇ ਪ੍ਰਸਾਰਣ ਦੀ ਇਜਾਜਤ ਦੇ ਦਿੱਤੀ। ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਚੋਣ ਜਾਬਤਾ ਲੱਗ ਜਾਣ `ਤੇ ਐੱਸਜੀਪਸੀ ਦੇ ਪ੍ਰਧਾਨ ਕੋਲੇ ਫੈਸਲਾ ਲੈਣ ਦਾ ਅਧਿਕਾਰ ਖਤਮ ਹੋ ਜਾਂਦਾ ਹੈ ਪਰ ਚੋਣ ਜਾਬਤੇ ਦੌਰਾਨ ਐੱਸਜੀਪੀਸੀ ਨੇ ਅਜਿਹਾ ਕਰਕੇ ਨਿਯਮਾਂ ਵਿਰੁਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਆਰਥਕ ਤੰਗੀ ਦਾ ਹਵਾਲਾ ਦੇ ਕੇ ਨਿੱਜੀ ਚੈਨਲ ਸ਼ੁਰੂ ਕਰਨ ਵਿੱਚ ਅਸਮਰਥਾ ਦਿਖਾ ਰਹੀ ਹੈ ਜਦਕਿ ਪੰਜਾਬ ਸਰਕਾਰ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੀ ਸਿੱਖ ਸੰਗਤ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਨਿੱਜੀ ਚੈਨਲ ਸ਼ੁਰੂ ਕਰਨ ਆਰਥਕ ਰੂਪ ਵਿੱਚ ਮਦਦ ਕਰਨ ਦੀ ਪੇਸ਼ਕਸ਼ ਕਰ ਚੁੱਕੀ ਹੈ।

ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਪੰਥਕ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਪਤਨ ਕਰਨ ਦੇ ਜਿ਼ੰਮੇਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤਾ ਗਿਆ ਫ਼ਖਰ-ਏ-ਕੌਮ ਦਾ ਖਿਤਾਬ ਵਾਪਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 100 ਸਾਲ ਤੋਂ ਵਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਾਨਾਂਮੱਤਾ ਇਤਿਹਾਸ ਹੈ। ਕੋਈ ਸਮਾਂ ਸੀ ਜਦੋਂ ਅਕਾਲੀ ਦਲ ਵਿੱਚ ਕੁਰਬਾਨੀਆਂ ਕਰਨ ਵਾਲੇ ਅਤੇ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੇ ਲੀਡਰਾਂ ਦੀ ਹੀ ਬਹੁਤਾਤ ਹੁੰਦੀ ਸੀ ਪਰ ਜਦੋਂ ਦਾ ਅਕਾਲੀ ਦਲ `ਤੇ ਬਾਦਲ ਪਰਿਵਾਰ ਦਾ ਕਬਜਾ ਹੋਇਆ ਹੈ ਇਨ੍ਹਾਂ ਨੇ ਪਾਰਟੀ ਨੂੰ ਪ੍ਰਾਈਵੇਟ ਕੰਪਨੀ ਵਾਂਗ ਚਲਾਉਣਾ ਸ਼ੁਰੂ ਕਰ ਦਿੱਤਾ ਹੈ।

ਉਪਰੋਕਤ ਐੱਸਜੀਪੀਸੀ ਮੈਂਬਰਾਂ ਨੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਾਲੇ ਹੀ ਐੱਸਜੀਪੀਸੀ ਦੇ ਬਰਖਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਮੁੜ ਬਹਾਲ ਕਰਨ ਦੇ ਦਿੱਤੇ ਗਏ ਆਦੇਸ਼ਾਂ ਦਾ ਵੀ ਜਿ਼ਕਰ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਐੱਸਜੀਪੀਸੀ ਵੱਲੋਂ ਸਬ ਕਮੇਟੀ ਬਣਾ ਕੇ ਇਸ ਮਾਮਲੇ ਨੂੰ ਲਮਕਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਦੀ ਉਡੀਕ ਕਰ ਰਹੀ ਹੈ ਅਤੇ ਐੱਸਜੀਪੀਸੀ ਨੂੰ ਫੌਰੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਵਾ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।

ਐੱਸਜੀਪੀਸੀ ਮੈਂਬਰਾਂ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੰਗ ਪੱਤਰ ਸੌਂਪ ਜਾਣ ਵਾਲੇ ਪੰਥ ਹਿਤੈਸ਼ੀ ਸਿੱਖ ਜਥੇਬੰਦੀਆਂ ਨੂੰ ਨਾਲ ਚੱਲਣ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button