
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਤੇ ਸੇਵਾ-ਮੁਕਤੀ ਸਬੰਧੀ ਸਿੱਖ ਜਥੇਬੰਦੀਆਂ ਤੋਂ ਮੰਗੇ ਗਏ ਸੁਝਾਵਾਂ ਦੀ ਰੌਸ਼ਨੀ ਵਿਚ ਸਿੱਖ ਵਿਦਵਾਨਾਂ ਦੀ ਇਕ ਉੱਚ ਪੱਧਰੀ ਕਮੇਟੀ ਦਾ ਜਲਦ ਗਠਨ ਕੀਤਾ ਜਾਵੇਗਾ ਜੋ ਇਸ ਸਬੰਧੀ ਆਪਣੀ ਰਾਏ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ ਉਤੇ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਸ਼ਤਾਬਦੀ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਪੰਜ ਕਰੋੜ ਦਾ ਵਿਸ਼ੇਸ਼ ਬਜਟ ਵੀ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਤਾਬਦੀ ਸਬੰਧੀ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ ਪਰ ਸ਼ਤਾਬਦੀਆਂ ਮਨਾਉਣਾ ਸਿੱਖਾਂ ਦੀ ਪ੍ਰਤੀਨਿਧ ਜਥੇਬੰਦੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ ਤੇ ਸਰਕਾਰਾਂ ਦਾ ਕੰਮ ਸ਼ਤਾਬਦੀਆਂ ਸਬੰਧੀ ਵਿਸ਼ੇਸ਼ ਯਾਦਗਾਰਾਂ ਸਥਾਪਤ ਕਰਨਾ ਤੇ ਸਹਿਯੋਗ ਦੇਣਾ ਹੁੰਦਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਉਣ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਛੇ ਜੂਨ ਦੇ ਘੱਲੂਘਾਰਾ ਸਮਾਗਮ ਵਿਚ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸਹਿਯੋਗ ਦੇਣ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਅੱਜ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੋਗ ਮਤੇ ਰਾਹੀਂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸ. ਸੁਖਦੇਵ ਸਿੰਘ ਢੀਂਡਸਾ, ਭਾਈ ਇੰਦਰਜੀਤ ਸਿੰਘ ਰਾਗੀ ਅਤੇ ਸਾਬਕਾ ਮੈਂਬਰ ਹਰਦਿਆਲ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.