
ਯੂਐੱਸਏ ਅੰਦਰ ਅਣਅਧਿਕਾਰਤ ਰੂਪ ਵਿੱਚ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਇਹ ਕਾਰਵਾਈ ਕਰਨ ਲਈ ਮਿਤੀ 10 ਦਸਬੰਰ 2026 ਤੱਕ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਮੁਤਾਬਕ ਵਿਦੇਸ਼ ਦੀ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ। ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਸਚਦੇਵਾ ਵੱਲੋਂ ਘਰ-ਘਰ ਅੰਦਰ ਧਰਮਸਾਲ ਸੰਸਥਾ ਦੇ ਨਾਂ ਹੇਠ ਅਣਅਧਿਕਾਰਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸ਼ਾਹਿਬ ਦੀ ਦੇ ਪਾਵਨ ਸਰੂਪ ਛਾਪੇ ਅਤੇ ਸੰਗਤ ਨੂੰ ਵੰਡੇ ਜਾ ਰਹੇ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਇਸ ਸਬੰਧੀ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਜਾਰੀ ਹੋਏ ਹੁਕਮਨਾਮਾ ਮਿਤੀ 09 ਮਈ 1998 ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਪਾਸ ਹੈ। ਸ. ਜਤਿੰਦਰ ਸਿੰਘ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮਨਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾ ਰਹੀ ਹੈ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਹੈ ਅਤੇ ਪੰਥ ਵਿਚ ਦੁਫੇੜ ਪਾਉਣ ਵਾਲੀ ਕਾਰਵਾਈ ਹੈ।
ਇਸ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਮੁਤਾਬਕ ਸ. ਜਤਿੰਦਰ ਸਿੰਘ ਸਚਦੇਵਾ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਤੁਰੰਤ ਬੰਦ ਕਰਨ, ਹੁਣ ਤੱਕ ਜਿੰਨੇ ਵੀ ਪਾਵਨ ਸਰੂਪਾਂ ਦੀ ਛਪਾਈ ਕੀਤੀ ਹੈ ਉਸ ਦਾ ਮੁਕੰਮਲ ਰਿਕਾਰਡ ਲੈ ਕੇ ਮਿਤੀ 10 ਦਸੰਬਰ 2026 ਤੱਕ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਜੀ ਰੂਪ ਵਿਚ ਹਾਜ਼ਰ ਹੋਣ।
ਇਸ ਮਾਮਲੇ ਦੇ ਨਾਲ ਹੀ ਸਬੰਧਤ ਇੱਕ ਹੋਰ ਵੱਖਰੇ ਆਦੇਸ਼ ਵਿੱਚ ਯੂਐੱਸਏ ਨਿਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਸ. ਜਤਿੰਦਰ ਸਿੰਘ, ਸ. ਹਰਬੰਸ ਸਿੰਘ, ਸ. ਹਰਚਰਨ ਸਿੰਘ ਅਤੇ ਸ. ਗੁਰਦੇਵ ਸਿੰਘ ਪਾਸੋਂ ਪੰਦਰਾਂ ਦਿਨਾਂ ਦੇ ਵਿੱਚ-ਵਿੱਚ ਉਨ੍ਹਾਂ ਦਾ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਆਦੇਸ਼ ਵਿੱਚ ਕਿਹਾ ਗਿਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਇਨ੍ਹਾਂ ਵੱਲੋਂ ਸ. ਜਤਿੰਦਰ ਸਿੰਘ ਸਚਦੇਵਾ ਨਾਮੀ ਵਿਅਕਤੀ ਕੋਲ ਜਾ ਕੇ ਉਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਅਣਅਧਿਕਾਰਤ ਤੌਰ ’ਤੇ ਛਾਪੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਆਪਣੇ ਆਪ ਅਥਾਰਟੀ ਬਣ ਕੇ ਉਸ ਦੀ ਸ਼ਲਾਘਾ ਕੀਤੀ ਗਈ ਹੈ, ਜਦਕਿ ਇਹ ਭਲੀਭਾਂਤ ਜਾਣਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪਾਸ ਹੈ। ਇਸ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਇਸ ਹੋਈ ਅਵੱਗਿਆ ਲਈ ਇਨ੍ਹਾਂ ਨੂੰ ਪੰਦਰਾਂ ਦਿਨਾਂ ਦੇ ਵਿੱਚ-ਵਿੱਚ ਆਪਣੇ ਲਿਖਤੀ ਸਪੱਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




