Press ReleasePunjabTop News

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਹਰਪਾਲ ਚੀਮਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਆਪਰੇਸ਼ਨ ਸਫਲਤਾਪੂਰਵਕ ਚੱਲ ਰਿਹਾ ਹੈ, ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਤੋਂ ਵੱਧ ਨਗਦੀ ਕੀਤੀ ਬਰਾਮਦ

ਚੰਡੀਗੜ੍ਹ, 11 ਮਾਰਚ 2025 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

 ਮੰਗਲਵਾਰ ਨੂੰ ਹਰਪਾਲ ਚੀਮਾ ਨੇ ‘ਆਪ’ ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ ‘ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।  ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ।  ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ।  ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ।  ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1072 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1485 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੁਲਿਸ ਨੇ 7 ਲੱਖ ਦੇ ਕਰੀਬ ਨਸ਼ੀਲੀ ਗੋਲੀਆਂ, 4.5 ਕਿਲੋ ਨਸ਼ੀਲਾ ਪਾਊਡਰ, 1.25 ਕਿਲੋ ਨਸ਼ੀਲਾ ਆਈਸ ਅਤੇ 950 ਕਿਲੋ ਭੁੱਕੀ ਅਤੇ ਹੋਰ ਸਿੰਥੈਟਿਕ ਨਸ਼ੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ 26 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।  ਚੀਮਾ ਨੇ ਕਿਹਾ ਕਿ ਇਹ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ੇ ਨੂੰ ਖਤਮ ਕਰਨ ਲਈ ਕਿੰਨੀ ਗੰਭੀਰ ਹੈ।

ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24 ਘੰਟੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਅਜਿਹੇ ਲੋਕ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣਗੇ ਜਾਂ ਪੰਜਾਬ ਛੱਡ ਦੇਣਗੇ, ਨਹੀਂ ਤਾਂ ਅਜਿਹੇ ਸਾਰੇ ਲੋਕ ਸਲਾਖਾਂ ਪਿੱਛੇ ਹੋਣਗੇ।

ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ, ਇਸ ਦੇ ਉਲਟ ‘ਆਪ’ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਨਸ਼ਿਆਂ ਨਾਲ ਸਬੰਧਤ ਕੇਸਾਂ ਵਿੱਚ ਮੌਜੂਦਾ ਸਜ਼ਾ ਦੀ ਦਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਲਾਇਆ।  ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਸਜ਼ਾ ਦੀ ਦਰ ਵੱਧ ਕੇ 86 ਫੀਸਦੀ ਹੋ ਗਈ ਹੈ, ਜਦੋਂ ਕਿ ਕਾਂਗਰਸ ਦੇ ਰਾਜ ਦੌਰਾਨ ਇਹ ਬਹੁਤ ਘੱਟ 58 ਫੀਸਦੀ ਸੀ ਅਤੇ ਅਕਾਲੀ-ਭਾਜਪਾ ਸਰਕਾਰ ਸਮੇਂ ਇਹ ਦਰ ਸਿਰਫ 40 ਫੀਸਦੀ ਸੀ।  ਕੁਝ ਜ਼ਿਲ੍ਹਿਆਂ ਵਿੱਚ ਤਾਂ ਸਜਾ ਦੀ ਦਰ 90 ਤੋਂ 95 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।

ਉਨ੍ਹਾਂ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਸ ਦੇ ਸਾਬਕਾ ਮੁੱਖ ਮੰਤਰੀ ਨੇ ਚਾਰ ਹਫ਼ਤਿਆਂ ‘ਚ ਨਸ਼ਾ ਖਤਮ ਕਰਨ ਦੀ ਝੂਠੀ ਸਹੁੰ ਚੁੱਕੀ ਸੀ।  ਕਾਂਗਰਸ ਸਰਕਾਰ ਨੇ ਨਸ਼ਾ ਖਤਮ ਕਰਨ ਦੀ ਬਜਾਏ ਨਸ਼ਾ ਤਸਕਰਾਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੋਚੀ-ਸਮਝੀ ਰਣਨੀਤੀ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ।

ਚੀਮਾ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨਿਕ ਤੰਤਰ ਅਤੇ ਜਾਂਚ ਏਜੰਸੀਆਂ ਨੂੰ ਮਜ਼ਬੂਤ ​​ਕੀਤਾ।  ‘ਆਪ’ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ, ਐਂਟੀ ਡਰੱਗਜ਼ ਟਾਸਕ ਫੋਰਸ, ਰੋਡ ਸੇਫਟੀ ਫੋਰਸ ਸਮੇਤ ਕਈ ਵਿਸ਼ੇਸ਼ ਟੀਮਾਂ ਬਣਾਈਆਂ, ਜਿਨ੍ਹਾਂ ਦੇ ਨਤੀਜੇ ਅੱਜ ਅਸੀਂ ਦੇਖ ਰਹੇ ਹਾਂ।

ਚੀਮਾ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਸਰਕਾਰ ਹੋਰ ਵੀ ਕਈ ਬਿਹਤਰ ਕਦਮ ਚੁੱਕ ਰਹੀ ਹੈ।  ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ 1000 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ।  ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਇਸ ਦੇ ਨਾਲ ਹੀ ਇਸ ਮੁਹਿੰਮ ਨੂੰ ਲਾਗੂ ਕਰਨ ਅਤੇ ਜਾਇਜ਼ਾ ਲੈਣ ਲਈ ਮੇਰੀ ਅਗਵਾਈ ਹੇਠ ਬਣਾਈ ਕੈਬਨਿਟ ਸਬ-ਕਮੇਟੀ ਦੇ ਚਾਰ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਮੇਰੇ ਕੋਲ 6 ਜ਼ਿਲ੍ਹਿਆਂ ਦਾ ਚਾਰਜ ਹੈ ਅਤੇ ਹੁਣ ਤੱਕ ਮੈਂ 5 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕਾ ਹਾਂ।  ਇਸ ਮੁਹਿੰਮ ਦੇ ਬਹੁਤ ਚੰਗੇ ਨਤੀਜੇ ਹਰ ਪਾਸੇ ਦੇਖਣ ਨੂੰ ਮਿਲ ਰਹੇ ਹਨ।  ਹਰਪਾਲ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਰਕਾਰ ਦਾ ਸਾਥ ਦੇਣ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button