ਚੰਡੀਗੜ੍ਹ, 21 ਅਪ੍ਰੈਲ 2023- ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਪਹਿਲਾ ਸੂਬਾ ਬਣ ਗਿਆ ਜਿਸ ਨੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਰੂਪ-ਰੇਖਾ ਤਿਆਰ ਕੀਤੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸਾਰੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਸਾਡੀ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣਾ ਹੈ ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.