ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ:ਡਿਪਟੀ ਕਮਿਸ਼ਨਰ
ਪੁਲੀਸ ਲਾਈਨ ਮਹੱਦੀਆਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ
ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ:ਡਿਪਟੀ ਕਮਿਸ਼ਨਰ
ਪੁਲੀਸ ਲਾਈਨ ਮਹੱਦੀਆਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ
ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਸ਼ਹਾਦਤ ਪੁਲਿਸ ਦੇ ਹੋਰਨਾਂ ਜਵਾਨਾਂ ਲਈ ਪ੍ਰੇਰਨਾ ਸਰੋਤ
ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ:
21 ਅਕਤੂਬਰ, 1959 ਨੂੰ ਸੀ.ਆਰ.ਪੀ.ਐਫ. ਦੇ ਜਵਾਨ ਚੀਨ ਵੱਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਪੁਲਿਸ ਲਾਈਨ ਮਹੱਦੀਆਂ ਵਿਖੇ ਜ਼ਿਲ੍ਹਾ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ 17 ਪੁਲਿਸ ਜਵਾਨਾਂ ਦੀ ਯਾਦ ਵਿੱਚ ਪੁਲੀਸ ਯਾਦਗਾਰੀ ਦਿਵਸ ਮੌਕੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿੱਥੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਉੱਥੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਲੰਮੀ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਪਰਿਵਾਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਦੀਆਂ ਮੁਸ਼ਿਕਲਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡਾ ਸਰਮਾਇਆ ਹਨ ਅਤੇ ਸ਼ਹੀਦ ਹੋਣ ਵਾਲਾ ਵਿਅਕਤੀ ਆਪਣਾ ਫਰਜ ਨਿਭਾ ਕੇ ਦੁਨੀਆਂ ਤੋਂ ਚਲਾ ਜਾਂਦਾ ਹੈ ਇਸ ਲਈ ਪਿੱਛੇ ਸ਼ਹੀਦਾਂ ਦੇ ਪਰਿਵਾਰਾਂ ਦਾ ਖਿਆਲ ਰੱਖਣਾ ਸਾਡੀ ਮੁੱਢਲੀ ਜਿੰਮੇਵਾਰੀ ਹੈ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਆਪਣੇ ਇਸ ਫਰਜ਼ ਤਹਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤੇ ਇਹ ਸ਼ਹਾਦਤਾਂ ਹੋਰਨਾਂ ਪੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸ਼ਹਾਦਤਾਂ ਦੇਣ ਵਿੱਚ ਪੰਜਾਬ ਪੁਲਿਸ ਦਾ ਇਤਿਹਾਸ ਸ਼ਾਨਾਮੱਤਾ ਰਿਹਾ ਹੈ, ਜਿਸ ‘ਤੇ ਸਾਨੂੰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਜਵਾਨਾਂ ਵੱਲੋਂ ਹਥਿਆਰ ਪੁੱਠੇ ਕਰ ਕੇ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ ਅਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਪੁਲਿਸ ਸਮਾਰਕ ‘ਤੇ ਰੀਥ ਰੱਖ ਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।
ਇਸ ਮੌਕੇ ਐਸ.ਪੀ. (ਐਚ) ਸ. ਹਰਪਾਲ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਡੀ ਐਸ ਪੀ ਮਾਧਵੀ ਸ਼ਰਮਾਂ ਨੇ ਪਿਛਲੇ ਇੱਕ ਸਾਲ ਦੌਰਾਨ ਡਿਊਟੀ ਕਰਦਿਆਂ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸ਼ਹੀਦ ਸਿਪਾਹੀ ਅਵਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਦੇ ਮਾਤਾ ਦੇ ਇਲਾਜ ਸਬੰਧੀ ਦਰਪੇਸ਼ ਵਿੱਤੀ ਸਮੱਸਿਆ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦੀ ਜਿਸ ਦੇ ਹੱਲ ਲਈ ਜ਼ਿਲ੍ਹਾ ਪੁਲਿਸ ਮੁਖੀ ਨੇ ਅਧਿਕਾਰੀਆਂ ਨੂੰ ਲੋੜੀਦੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪਰਿਵਾਰ ਨੇ ਦੱਸਿਆ ਕਿ ਸ਼ਹੀਦ ਦੀ ਮਾਤਾ ਦੇ ਇਲਾਜ ਸਬੰਧੀ ਕਰੀਬ 01 ਲੱਖ 16 ਹਜਾਰ ਰੁਪਏ ਦਾ ਬਿਲ ਮੈਡੀਕਲ ਰੀਐਮਬਰਸਮੈਂਟ ਸਬੰਧੀ ਬਕਾਇਆ ਖੜ੍ਹਾ ਹੈ, ਜਿਸ ਬਾਰੇ ਜਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ 25 ਹਜ਼ਾਰ ਰੁਪਏ ਪੁਲਿਸ ਵੈਲਫੇਅਰ ਫੰਡ ਵਿੱਚੋਂ ਪਰਿਵਾਰ ਨੂੰ ਦਿੱਤੇ ਜਾਣਗੇ ਅਤੇ ਸਬੰਧੀ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਕੇ ਪਰਿਵਾਰ ਨੂੰ ਬਾਕੀ ਰਾਸ਼ੀ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਫੌਰੀ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਮਹੇਸ਼ ਗਰੋਵਰ, ਐਸ.ਪੀ. (ਡੀ) ਸ. ਜਗਜੀਤ ਸਿੰਘ ਜੱਲ੍ਹਾ, ਐਸ.ਪੀ. (ਪੀ.ਆਈ.ਬੀ.) ਨਵਰੀਤ ਸਿੰਘ ਵਿਰਕ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ ਡੀ ਐਮ ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾਂ, ਐਸ ਡੀ ਐਮ ਅਮਲੋਹ ਸ਼੍ਰੀ ਨਮਨ ਮੜਕਨ, ਐਸ ਡੀ ਐਮ ਖਮਾਣੋਂ ਸ੍ਰੀਮਤੀ ਦੀਪਜੋਤ ਕੌਰ, ਡੀ. ਐਸ.ਪੀ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ, ਡੀ.ਐਸ.ਪੀ. (ਡੀ) ਰਘਬੀਰ ਸਿੰਘ, ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ, ਡੀ.ਐਸ.ਪੀ.ਖਮਾਣੋਂ ਸ੍ਰੀ ਧਰਮਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.