Press ReleasePunjabTop News
ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦੇ ਰੂਪ ਵਿੱਚ ਸਿਹਤ ਖੇਤਰ ‘ਚ ਆਈ ਕ੍ਰਾਂਤੀ ਲਈ ਸੂਬਾ ਸਰਕਾਰ ਦੀ ਕੀਤੀ ਰੱਜਵੀਂ ਸ਼ਲਾਘਾ
ਸੂਬੇ ਵਿੱਚ 76 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ
ਚੰਡੀਗੜ੍ਹ: ਆਜ਼ਾਦੀ ਦੀ 76ਵੀਂ ਵਰ੍ਹੇਗੰਢ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਪਰਿਤ ਕੀਤੇ ਗਏ ਹਨ। ਲੋਕਾਂ ਵੱਲੋਂ ਸਰਕਾਰ ਦੇ ਇਸ ਇਤਿਹਾਸਕ ਅਤੇ ਲੋਕ ਪੱਖੀ ਕਦਮ ਦੀ ਰੱਜਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਨੇ ਇਸ ਕਦਮ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ। 76 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ, ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 659 ਹੋ ਗਈ ਹੈ ਜੋ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਆਰੀ ਇਲਾਜ ਸਹੂਲਤਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ।
ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਸੂਬਾ ਵਾਸੀਆਂ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੀ ਸਾਫ਼-ਸੁਥਰੀ ਨੀਅਤ ਨੂੰ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਸਿਹਤ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਅਤੇ ਸੱਚੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ। ਰੋਜ਼ ਪਾਰਕ ਕਲੋਨੀ, ਜਲੰਧਰ ਦੀ ਹਰਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਲਈ ਰੋਜ਼ ਪਾਰਕ ਦੇ ਵਾਸੀ, ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਿਹਤ ਸਹੂਲਤਾਂ, ਦਵਾਈਆਂ ਅਤੇ ਟੈਸਟਾਂ ਲਈ ਮੀਲਾਂ ਦਾ ਸਫ਼ਰ ਨਹੀਂ ਕਰਨਾ ਪੈਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਆਜ਼ਾਦੀ ਦਿਵਸ ਮੌਕੇ ਸਰਕਾਰ ਵੱਲੋਂ ਇਲਾਕਾ ਨਿਵਾਸੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ।
ਮਾਨ ਸਰਕਾਰ ਦੀ ਤਾਰੀਫ਼ ਕਰਦਿਆਂ ਜਗਦੀਸ਼ ਕੁਮਾਰ ਜੱਗੀ ਵਾਸੀ ਆਰੀਆ ਨਗਰ, ਜਲੰਧਰ ਨੇ ਕਿਹਾ ਕਿ ਬਰਲਟਨ ਪਾਰਕ ਵਿਖੇ ਖੋਲ੍ਹਿਆ ਗਿਆ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜੋ ਹੁਣ ਤੱਕ ਮਹਿੰਗੇ ਇਲਾਜ ਕਰਕੇ ਸਿਹਤ ਸੇਵਾਵਾਂ ਤੋਂ ਵਾਂਝੇ ਸਨ । ਇਹ ਕਲੀਨਿਕ ਲੋਕਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਲਈ ਇਲਾਕਾ ਵਾਸੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਜਲੰਧਰ ਦੇ ਪਿੰਡ ਰਾਓਵਾਲੀ ਦੇ ਇੱਕ ਹੋਰ ਵਸਨੀਕ ਸੋਮਨਾਥ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੋਈ ਹਸਪਤਾਲ ਜਾਂ ਡਾਕਟਰ ਨਾ ਹੋਣ ਕਾਰਨ ਵਸਨੀਕਾਂ ਨੂੰ ਸ਼ਹਿਰ ਦੇ ਵੱਡੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਉਨ੍ਹਾਂ ਨੂੰ ਨਾ ਤਾਂ ਦਵਾਈਆਂ ਮੁਫਤ ਮਿਲਦੀਆਂ ਹਨ ਅਤੇ ਇਸ ਦੇ ਉਲਟ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਸਹੂਲਤਾਂ ਦਾ ਖ਼ਰਚਾ ਆਪਣੀ ਜੇਬ ਚੋਂ ਦੇਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇੱਥੇ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।
ਜਲੰਧਰ ਦੇ ਪਿੰਡ ਰਾਓਵਾਲੀ ਦੇ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਲੋਕਾਂ ਦੇ ਘਰ ਨੇੜੇ ਕਲੀਨਿਕ ਖੋਲ੍ਹਣ ਸਬੰਧੀ ਕੀਤੀਆਂ ਗਈਆਂ ਕੋਸ਼ਿਸ਼ਾਂ ਸਫ਼ਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਇਸ ਤੋਂ ਪਹਿਲਾਂ ਕਦੇ ਵੀ ਇੰਨੀ ਵੱਡੀ ਸਹੂਲਤ ਨਹੀਂ ਮਿਲੀ। ਉਸਨੇ ਕਿਹਾ ਕਿ ਇਸ ਕਲੀਨਿਕ ਦੇ ਖੁਲ੍ਹਣ ਨਾਲ ਸਾਨੂੰ ਮੁਫ਼ਤ ਟੈਸਟ, ਦਵਾਈਆਂ ਅਤੇ ਇਲਾਜ ਮਿਲੇਗਾ, ਜਿਸ ਲਈ ਅਸੀਂ ਮਾਨ ਸਰਕਾਰ ਦਾ ਧੰਨਵਾਦ ਕਰਦੇ ਹਾਂ। ਕਿਲ੍ਹਾ ਮੁਹੱਲਾ, ਲੁਧਿਆਣਾ ਦੇ ਵਸਨੀਕ ਦੀਪਕ ਸ਼ਰਮਾ ਨੇ ਜ਼ਿਲ੍ਹੇ ਵਿੱਚ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਖੋਲ੍ਹਣ ਦਾ ਫੈਸਲਾ ਵਧੇਰੇ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਲੁਧਿਆਣਾ ਜ਼ਿਲ੍ਹੇ ਦੀ ਇੱਕ ਹੋਰ ਵਸਨੀਕ ਰਿਤੂ ਵਰਮਾ ਨੇ ਵੀ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਨਵੇਂ ਕਲੀਨਿਕ ਹਜ਼ਾਰਾਂ ਲੋਕਾਂ ਦੀਆਂ ਸਿਹਤ ਸਬੰਧੀ ਲੋੜਾਂ ਪੂਰੀਆਂ ਕਰਨਗੇ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪ੍ਰਾਈਵੇਟ ਡਾਕਟਰਾਂ ਦੀਆਂ ਫੀਸਾਂ ਦਾ ਭੁਗਤਾਨ ਨਹੀਂ ਕਰ ਸਕਦੇ ਉਹ ਹੁਣ ਇੱਥੇ ਮੁਫਤ ਇਲਾਜ ਕਰਵਾ ਸਕਦੇ ਹਨ। ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਲੁਧਿਆਣਾ ਤੋਂ ਆਏ ਸੂਰਜਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਜ਼ਿਲ੍ਹਾ ਹਸਪਤਾਲ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੀ ਕਲੋਨੀ ਵਿੱਚ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਨਾਲ ਸਾਡੇ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਇਥੋਂ ਦੀ ਜ਼ਿਆਦਾਤਰ ਆਬਾਦੀ ਗਰੀਬੀ ਰੇਖਾ ਤੋਂ ਹੇਠਾਂ ਹੈ।
ਲੁਧਿਆਣਾ ਤੋਂ ਹਰਜਿੰਦਰ ਸਿੰਘ ਨੇ ਵੀ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਮੁਫਤ ਇਲਾਜ ਸਹੂਲਤਾਂ ਦਾ ਲਾਭ ਘਰ-ਘਰ ਪਹੁੰਚ ਸਕੇਗਾ। ਇਸ ਤੋਂ ਪਹਿਲਾਂ ਲੋਕਾਂ ਨੂੰ ਭਾਰੀ ਫੀਸਾਂ ਦੇ ਕੇ ਪ੍ਰਾਈਵੇਟ ਡਾਕਟਰਾਂ ਕੋਲ ਜਾਣਾ ਪੈਂਦਾ ਸੀ, ਪਰ ਹੁਣ ਉਹ ਇਸ ਕਲੀਨਿਕ ਤੋਂ ਮੁਫਤ ਇਲਾਜ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਹੋਰ ਕਲੀਨਿਕ ਖੋਲ੍ਹਣ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕੋਟ ਖਾਲਸਾ, ਅੰਮ੍ਰਿਤਸਰ ਦੇ ਵਸਨੀਕ ਅਮਰ ਸਿੰਘ ਨੇ ਕਿਹਾ ਕਿ ਇਹ ਕਲੀਨਿਕ ਆਮ ਜਨਤਾ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਆਪਣੇ ਘਰ ਦੇ ਨੇੜੇ ਹੀ 24 ਘੰਟੇ ਮੁਫ਼ਤ ਇਲਾਜ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਸਿਹਤ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਪੰਜ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਇੱਕ ਹੋਰ ਵਸਨੀਕ ਬਲਵਿੰਦਰ ਸਿੰਘ ਵਾਸੀ ਡਰੀਮ ਸਿਟੀ ਝਬਾਲ ਰੋਡ ਅੰਮ੍ਰਿਤਸਰ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜ ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਮੁੜ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਲਿਆਉਣ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਕੋਟ ਮਿੱਤ ਸਿੰਘ ਰੋਡ ਅੰਮ੍ਰਿਤਸਰ ਦੇ ਵਸਨੀਕ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਜ਼ਿਲ੍ਹੇ ਵਿੱਚ 5 ਹੋਰ ਮੁਹੱਲਾ ਕਲੀਨਿਕ ਖੋਲ੍ਹ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਆਮ ਲੋਕਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਵਿੱਚ ਇਲਾਜ ਸਹੂਲਤਾਂ ਮਿਲਣਗੀਆਂ।
ਕੋਟ ਖਾਲਸਾ (ਨੇੜੇ ਟੀਟੂ ਹਲਵਾਈ), ਅੰਮ੍ਰਿਤਸਰ ਦੇ ਵਸਨੀਕ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜ ਮੁਹੱਲਾ ਕਲੀਨਿਕ ਖੋਲ੍ਹੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫਤ ਸਿਹਤ ਸਹੂਲਤਾਂ ਦੇਣ ਲਈ, ਉਹ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਰਣਜੀਤ ਪੁਰਾ, ਅੰਮ੍ਰਿਤਸਰ ਦੇ ਵਸਨੀਕ ਬਲਜੀਤ ਸਿੰਘ ਨੇ ਕਿਹਾ ਕਿ ਅਜ਼ਾਦੀ ਦਿਵਸ ਮੌਕੇ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣਾ, ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਕਲੀਨਿਕਾਂ ਤੋਂ ਸਾਰੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਅਤੇ ਅਜੇ ਤੱਕ ਹੋਰ ਕਿਸੇ ਵੀ ਸਰਕਾਰ ਨੇ ਅਜਿਹਾ ਉਪਰਾਲਾ ਨਹੀਂ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.